ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਰਕਾਰੀ ਦਫ਼ਤਰਾਂ ਵਿਚ ਲਾਗੂ ਕਰਵਾਉਣ ਅਤੇ ਪੰਜਾਬ ਰਾਜ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਸਰਕਾਰ ਦੇ ਆਪਣੇ ਅਦਾਰੇ ਹੀ ਇਸ ਦਿਸ਼ਾ ਵਿਚ ਲਾਪਰਵਾਹੀ ਦਿਖਾ ਰਹੇ ਹਨ | ਫ਼ਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਕਾਰਨ ਭਾਸ਼ਾ ਪ੍ਰੇਮੀਆਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵਲੋਂ ਅਕਾਦਮਿਕ ਗਤੀਵਿਧੀਆਂ ਸਬੰਧੀ ਅਖ਼ਬਾਰਾਂ ਨੂੰ ਭੇਜੇ ਜਾਣ ਵਾਲੇ ਆਫੀਸ਼ੀਅਲ ਪੈੱ੍ਰਸ ਨੋਟ ਪੰਜਾਬੀ ਦੀ ਬਜਾਏ ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿਚ ਜਾਰੀ ਕੀਤੇ ਜਾ ਰਹੇ ਹਨ | ਇਹ ਗੱਲ ਹੈਰਾਨੀਜਨਕ ਹੈ ਕਿ ਜਿਸ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਯੂਨੀਵਰਸਿਟੀ ਸਥਾਪਿਤ ਹੈ,ਉਸੇ ਸੰਸਥਾ ਵਲੋਂ ਮਾਂ ਬੋਲੀ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ | ਹਾਲ ਹੀ ਵਿਚ ਯੂਨੀਵਰਸਿਟੀ ਵਿਚ Tਆਪਣੀ ਬੁੱਧੀਮਤਾ ਨੂੰ ਸਪਸ਼ਟ ਤਰੀਕੇ ਨਾਲ ਪ੍ਰਗਟ ਕਰਨ ਅਤੇ ਆਪਣੇ ਵਿਚਾਰਾਂ ਦੇ ਪ੍ਰਭਾਵ ਨੂੰ ਦਰਸਾਉਣUਵਿਸ਼ੇ 'ਤੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਉਪ ਕੁਲਪਤੀ, ਰਜਿਸਟਰਾਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ | ਪਰ ਇਸ ਮਹੱਤਵਪੂਰਨ ਸਮਾਗਮ ਸਬੰਧੀ ਜਾਰੀ ਪੈੱ੍ਰਸ ਨੋਟ ਪੰਜਾਬੀ ਦੀ ਥਾਂ ਅੰਗਰੇਜ਼ੀ ਅਤੇ ਹਿੰਦੀ ਵਿਚ ਭੇਜੇ ਜਾਣ ਕਾਰਨ ਯੂਨੀਵਰਸਿਟੀ ਦੇ ਰਵੱਈਏ 'ਤੇ ਸਵਾਲ ਖੜ੍ਹੇ ਹੋ ਰਹੇ ਹਨ | ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਯੂਨੀਵਰਸਿਟੀ ਦੇ ਅਧਿਕਾਰੀ ਇੱਕ ਸਾਧਾਰਨ ਪੈੱ੍ਰਸ ਨੋਟ ਵੀ ਪੰਜਾਬੀ ਵਿਚ ਜਾਰੀ ਨਹੀਂ ਕਰ ਸਕਦੇ, ਤਾਂ ਫਿਰ ਹੋਰ ਸਰਕਾਰੀ ਕੰਮਕਾਜ ਵਿਚ ਪੰਜਾਬੀ ਭਾਸ਼ਾ ਨੂੰ ਕਿੰਨੀ ਤਰਜੀਹ ਦਿੱਤੀ ਜਾਂਦੀ ਹੋਵੇਗੀ | ਇਸ ਤੋਂ ਇਲਾਵਾ ਲੋਕ ਸੰਪਰਕ ਵਿਭਾਗ, ਜੋ ਸਰਕਾਰ ਅਤੇ ਜਨਤਾ ਵਿਚਕਾਰ ਕੜੀ ਮੰਨਿਆ ਜਾਂਦਾ ਹੈ, ਵੀ ਇਸ ਮਾਮਲੇ 'ਚ ਚੁੱਪੀ ਸਾਧ ਕੇ ਅਜਿਹੇ ਪੈੱ੍ਰਸ ਨੋਟ ਅੱਗੇ ਵੰਡ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਪੰਜਾਬ ਰਾਜ ਭਾਸ਼ਾ ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ, ਤਾਂ ਜੋ ਪੰਜਾਬੀ ਮਾਂ ਬੋਲੀ ਨੂੰ ਉਸ ਦਾ ਬਣਦਾ ਸਤਿਕਾਰ ਮਿਲ ਸਕੇ |