ਫਿਰੋਜ਼ਪੁਰ, 11 ਮਈ (ਸੁਖਵਿੰਦਰ ਸਿੰਘ)-ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਚ ਧਰਨਿਆਂ ਦੀ ਰਾਜਨੀਤੀ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਲੱਗੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਧਰਨੇ ਲਗਾ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਇਆ ਜਾ ਰਿਹਾ ਹੈ | ਜਦ ਕਿ ਧਰਨਿਆਂ ਦੇ ਨਾਲ ਨਾ ਤਾਂ ਪੰਜਾਬ ਦਾ ਭਲਾ ਹੋਣਾ ਹੈ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਿਕਲਣਾ ਹੈ | ਆਸ਼ੂ ਬੰਗੜ ਨੇ ਸਵਾਲ ਕਰਦਿਆਂ ਕਿਹਾ ਹੈ ਕਿ ਫ਼ਿਰੋਜ਼ਪੁਰ ਲਈ ਸਰਕਾਰ ਕਿਹੜਾ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ | ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਹਾਲ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ | ਸੜਕਾਂ ਟੁੱਟੀਆਂ, ਸੀਵਰੇਜ ਓਵਰਫ਼ਲੋ ਅਤੇ ਗਲੀਆਂ ਮੁਹੱਲਿਆਂ ਦੇ ਵਿਚ ਹਨੇਰਾ ਅਤੇ ਲੁਟਾ ਖੋਹਾਂ ਦੀਆਂ ਵਾਰਦਾਤਾਂ ਦਿਨੋਂ ਦਿਨ ਵਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਵਿਕਾਸ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਦੋਸ਼ ਲਗਾਇਆ ਹੈ ਕਿ ਫ਼ਿਰੋਜ਼ਪੁਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਲੁੱਟਾਂ-ਖੋਹਾਂ ਗੈਂਗਸਟਰਵਾਦ ਨਸ਼ਿਆਂ ਅਤੇ ਕਤਲਾਂ ਦੀ ਵੱਧ ਰਹੀਆਂ ਘਟਨਾਵਾਂ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਪਰ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਹੈ |