ਮੁੱਦਕੀ, 11 ਮਈ (ਭਾਰਤ ਭੂਸ਼ਨ ਅਗਰਵਾਲ)-ਕੱਚੇ ਸਫ਼ਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਛੇਵੇਂ ਦਿਨ ਧਰਨਾ ਪ੍ਰਦਰਸ਼ਨ ਕਰਦਿਆਂ ਮੇਨ ਚੌਕ ਨਜ਼ਦੀਕ ਸੜਕ 'ਤੇ ਨਾਅਰੇਬਾਜ਼ੀ ਕੀਤੀ | ਵੱਡੀ ਗਿਣਤੀ 'ਚ ਇਕੱਠੇ ਹੋਏ ਕਾਮਿਆਂ ਨੇ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਤੁਰੰਤ ਮੰਨਣ ਦੀ ਅਪੀਲ ਕੀਤੀ | ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਕੱਚੇ ਸਫ਼ਾਈ ਕਾਮੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਜਿਸ ਕਰਕੇ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲ ਰਿਹਾ ਹੈ | ਇਸ ਲਈ 'ਬਰਾਬਰ ਕੰਮ, ਬਰਾਬਰ ਤਨਖ਼ਾਹ' ਦਾ ਸਿਧਾਂਤ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਆਦਿ ਮੰਗਾਂ ਪੂਰੀਆਂ ਕੀਤੀਆਂ ਜਾਣ | ਸਫ਼ਾਈ ਸੇਵਕਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਇਹ ਹੜਤਾਲ ਅਣਮਿਥੇ ਸਮੇਂ ਲਈ ਜਾਰੀ ਰਹੇਗੀ | ਇਸ ਮੌਕੇ ਸਤਪਾਲ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ, ਪੋਮਸ਼ ਕੁਮਾਰ, ਰਾਕੇਸ਼ ਕੁਮਾਰ, ਜਸਕਰਨ ਸਿੰਘ, ਦੀਪਕ, ਲੀਲੂ ਰਾਮ, ਮੁਲਖ ਰਾਜ, ਸੁਨੀਲ ਕੁਮਾਰ, ਰਾਹੁਲ, ਅਸ਼ੋਕ, ਗੁਰਮੇਲ ਸਿੰਘ, ਪ੍ਰਦੀਪ ਸਿੰਘ, ਰਾਜੇਸ਼, ਸੁਰੇਸ਼, ਸੁਨੀਲ, ਗੁਰਮੇਲ ਸਿੰਘ, ਅੰਗਰੇਜ਼ ਸਿੰਘ ਬਰਾੜ ਆਦਿ ਹਾਜ਼ਰ ਸਨ |