ਫਿਰੋਜ਼ਪੁਰ, 15 ਮਈ(ਸੁਖਵਿੰਦਰ ਸਿੰਘ)-ਸ਼ਹਿਰ ਦੇ ਵਿਕਾਸ ਅਤੇ ਲੋਕ ਸੇਵਾ ਲਈ ਸਮਰਪਿਤ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਇਕ ਵਾਰ ਫਿਰ ਚਰਚਾ ਵਿਚ ਹਨ | ਨਾ ਉਹ ਇਸ ਵੇਲੇ ਵਿਧਾਇਕ ਹਨ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਹੈ, ਪਰ ਇਸ ਦੇ ਬਾਵਜੂਦ ਉਹ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ | ਸ਼ਹਿਰ ਅੰਦਰ ਸੁਰੱਖਿਆ ਗੇਟ ਲਗਵਾਉਣ ਤੋਂ ਬਾਅਦ ਸ਼ਹਿਰੀ ਹਲਕੇ ਦੇ ਲੋੜਵੰਦ ਬੱਚਿਆਂ ਦੇ ਪੀਣ ਲਈ ਸ਼ੁੱਧ ਪਾਣੀ ਦਾ ਪ੍ਰਬੰਧ ਕਰਨ ਵਿਚ ਜੁਟੇ ਹੋਏ ਹਨ | ਹਾਲ ਹੀ ਵਿਚ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਗੰਦਾ ਪਾਣੀ ਪੀਣ ਕਾਰਨ ਬੱਚਿਆਂ ਦੇ ਬਿਮਾਰ ਹੋਣ ਅਤੇ ਕੁਝ ਮਾਸੂਮਾਂ ਦੀ ਮੌਤ ਹੋ ਜਾਣ ਵਾਲੀ ਦਰਦਨਾਕ ਘਟਨਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ | ਇਸ ਮਾਮਲੇ ਤੋਂ ਬਾਅਦ ਜਿੱਥੇ ਸਰਕਾਰੀ ਤੰਤਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋਏ, ਉੱਥੇ ਪਿੰਕੀ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਆਪਣੇ ਪੱਧਰ 'ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ | ਇਸ ਮਕਸਦ ਨੂੰ ਅੱਗੇ ਵਧਾਉਂਦੇ ਹੋਏ ਉਨ੍ਹਾਂ ਵਲੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੇ ਵਿਕਾਸ ਫ਼ੰਡ ਰਾਹੀਂ 50 ਤੋਂ ਵੱਧ ਥਾਵਾਂ 'ਤੇ 1 ਕਰੋੜ 17 ਲੱਖ ਦੀ ਲਾਗਤ ਨਾਲ ਆਰ.ਓ. ਸਿਸਟਮ ਲਗਵਾਏ ਗਏ ਹਨ, ਤਾਂ ਜੋ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਾਫ ਅਤੇ ਸੁੱਧ ਪੀਣ ਯੋਗ ਪਾਣੀ ਮਿਲ ਸਕੇ | ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਕਰਕੇ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ | ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਹ ਸਿਆਸਤ ਨਹੀਂ, ਸੇਵਾ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ | ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਆਪਸੀ ਖਿੱਚਤਾਣ ਅਤੇ ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ ਵਿਕਾਸ ਲਈ ਇਕੱਠੇ ਹੋਣ ਦੀ ਲੋੜ ਹੈ | ਲੋਕਾਂ ਦੀ ਭਲਾਈ ਹੀ ਸਾਡੀ ਪਹਿਲ ਹੋਣੀ ਚਾਹੀਦੀ ਹੈ |