02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਕੀਮਤਾਂ 'ਚ ਵਾਧੇ ਨਾਲ ਆਮ ਜਨਤਾ ਤੇ ਕਿਸਾਨਾਂ 'ਤੇ ਪਵੇਗਾ ਆਰਥਿਕ ਬੋਝ- ਵਿਧਾਇਕ ਨਰੇਸ਼ ਕਟਾਰੀਆ, ਪ੍ਰਧਾਨ ਨਰਿੰਦਰ ਕਟਾਰੀਆ

ਅਜੀਤ ਡੈਸਕ 18-05-2026
ਮੱਖੂ, 17 ਮਈ (ਵਰਿੰਦਰ ਮਨਚੰਦਾ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਕਿਸਾਨਾਂ ਅਤੇ ਆਮ ਜਨਤਾ 'ਤੇ ਆਰਥਿਕ ਬੋਝ ਹੋਰ ਵਧਾ ਦਿੱਤਾ ਹੈ, ਜਿਸ ਨਾਲ ਪਹਿਲਾਂ ਹੀ ਮਹਿੰਗਾਈ ਦੀ ਮਾਰ ਹੇਠ ਲੋਕਾਂ 'ਤੇ ਹੋਰ ਵਾਧੂ ਬੋਝ ਪੈਣਾ ਸੁਭਾਵਿਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਣ ਕਟਾਰੀਆ ਨੇ ਕੀਤਾ | ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ | ਵਿਧਾਇਕ ਕਟਾਰੀਆ ਅਤੇ ਪ੍ਰਧਾਨ ਕਟਾਰੀਆ ਨੇ ਕਿਹਾ ਕਿ ਕਿਸਾਨਾਂ ਨੂੰ ਬਚਾਉਣ ਲਈ ਡੀਜ਼ਲ ਦੀਆਂ ਕੀਮਤਾਂ ਨਾਲ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ | ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਹੁਣ ਮਹਿੰਗਾਈ 'ਤੇ ਦੇਖਣ ਨੂੰ ਮਿਲੇਗਾ | ਇਸ ਦੇ ਨਤੀਜੇ ਵਜੋਂ ਜਿੱਥੇ ਵਾਹਨਾਂ ਦੇ ਕਿਰਾਏ ਵਧਣਗੇ, ਉੱਥੇ ਸਬਜ਼ੀਆਂ, ਅਨਾਜ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ, ਜਿਸ ਦਾ ਸਿੱਧਾ ਬੋਝ ਆਮ ਜਨਤਾ ਦੀ ਜੇਬ 'ਤੇ ਹੋਵੇਗਾ | ਵਿਧਾਇਕ ਕਟਾਰੀਆ ਅਤੇ ਪ੍ਰਧਾਨ ਕਟਾਰੀਆ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਵਿਦੇਸ਼ ਯਾਤਰਾਵਾਂ 'ਤੇ ਰੋਕ ਲਗਾਉਣ ਦਾ ਸੁਝਾਅ ਦੇ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਖ਼ੁਦ ਵਿਦੇਸ਼ ਯਾਤਰਾ 'ਤੇ ਚਲੇ ਗਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕੀਮਤਾਂ ਨੂੰ ਕਾਬੂ ਹੇਠ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਜਲੰਧਰ ਕਨਵੈਨਸ਼ਨ ਵਿਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰ ਹੋਏ ਸ਼ਾਮਿਲ ਅਗਲੀ ਖ਼ਬਰ ਭਾਕਿਯੂ ਮਾਨਸਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਦੀ ਅਗਵਾਈ ਵਿਚ ਕਿਸਾਨੀ ਮੁੱਦਿਆਂ ਸੰਬੰਧੀ ਹੋਈ ਅਹਿਮ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।