ਫ਼ਿਰੋਜ਼ਪੁਰ, 17 ਮਈ (ਕੁਲਬੀਰ ਸਿੰਘ ਸੋਢੀ)-ਸੰਯੁਕਤ ਸਮਾਜ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਨੌਜਵਾਨ ਆਗੂ ਮੋੜਾ ਸਿੰਘ ਅਨਜਾਨ ਨੇ ਦੇਸ਼ 'ਚ ਵਧੀਆਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਤੇ ਪ੍ਰਤੀਕਰਮ ਦਿੰਦੇ ਹੋਏ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ | ਅਣਜਾਣ ਨੇ ਕਿਹਾ ਕਿ ਬੀ.ਜੇ.ਪੀ ਸਰਕਾਰ ਦੀਆਂ ਮਾੜੀਆਂ ਤੇ ਬੇਲੋੜੀ ਆਰਥਿਕ ਨੀਤੀਆਂ ਕਾਰਨ ਦੇਸ਼ ਆਰਥਿਕ ਮੰਦੀ ਵੱਲ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਵੱਧ ਰਹੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੇ ਜਿੱਥੇ ਆਮ ਲੋਕਾਂ ਦਾ ਜੀਵਨ ਕਠਿਨਾਈਆਂ ਨਾਲ ਭਰ ਦਿੱਤਾ ਹੈ ਉੱਥੇ ਕੇਂਦਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਰਫ਼ ਵੱਡੇ ਦਾਅਵੇ ਕਰਨ ਵਿਚ ਹੀ ਲੱਗੀ ਹੋਈ ਹੈ | ਗੱਲਬਾਤ ਕਰਦਿਆਂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਬੀ.ਜੇ.ਪੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ ਕਿ ਹਰ ਸਾਲ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਦੇਸ਼ ਦੀ ਆਰਥਿਕਤਾ ਮਜ਼ਬੂਤ ਬਣਾਈ ਜਾਵੇਗੀ ਪਰ ਅੱਜ ਹਾਲਾਤ ਇਸ ਦੇ ਉਲਟ ਹਨ | ਉਨ੍ਹਾਂ ਦੋਸ਼ ਲਾਇਆ ਕਿ ਬੀ.ਜੇ.ਪੀ ਸਰਕਾਰ ਦੀਆਂ ਨੀਤੀਆਂ ਸਿਰਫ਼ ਵੱਡੇ ਉਦਯੋਗਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਣਾਈਆਂ ਜਾ ਰਹੀਆਂ ਹਨ ਜਦਕਿ ਆਮ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਕਿਸਾਨ ਵਰਗ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਨਹੀਂ ਹੈ ਕਿਉਂਕਿ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਵਧਣ ਨਾਲ ਖੇਤੀ ਦੀ ਲਾਗਤ ਲਗਾਤਾਰ ਵੱਧ ਰਹੀ ਹੈ ਜਦਕਿ ਫਸਲਾਂ ਦੇ ਢੁਕਵੇਂ ਭਾਅ ਨਹੀਂ ਮਿਲ ਰਹੇ |