ਜ਼ੀਰਾ, 17 ਮਈ (ਰਜਨੀਸ਼ ਕਥੂਰੀਆ)-ਇਸੇ ਮਹੀਨੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਡੀ ਗਿਣਤੀ ਵਿੱਚ ਉਮੀਦਵਾਰ ਜਿੱਤ ਦਰਜ ਕਰਨਗੇ | ਇਹ ਦਾਅਵਾ ਅਕਾਲੀ ਦਲ ਬਾਦਲ ਦੇ ਆਈ.ਟੀ.ਵਿੰਗ ਹਲਕਾ ਜ਼ੀਰਾ ਦੇ ਇੰਚਾਰਜ ਮਨਪ੍ਰੀਤ ਸਿੰਘ ਬਹਿਕ ਫਤੂ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਰਾਜਕਤਾ ਦਾ ਮਾਹੌਲ ਬਣਿਆ ਰਿਹਾ | ਉਹਨਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੇ ਦੌਰਾਨ ਵਿਕਾਸ ਦੇ ਕੰਮ ਘੱਟ ਅਤੇ ਇਸ਼ਤਿਹਾਰਬਾਜ਼ੀ ਤੇ ਜ਼ਿਆਦਾ ਪੈਸੇ ਖ਼ਰਚ ਕੀਤੇ ਹਨ | ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਭਿ੍ਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਘਟਣ ਦੀ ਬਜਾਏ ਪਹਿਲਾਂ ਨਾਲੋਂ ਵੀ ਵਧ ਗਈ ਹੈ | ਮਨਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਏ ਗਏ ਵਿਕਾਸ ਦੇ ਕੰਮਾਂ ਅਤੇ ਦਿੱਤੀਆਂ ਗਈਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਗੱਲਾਂ ਵਿੱਚ ਆ ਕੇ ਪੰਜਾਬ ਦੇ ਵੋਟਰਾਂ ਨੇ ਬੜੀਆਂ ਉਮੀਦਾਂ ਨਾਲ ਵੋਟਾਂ ਪਾ ਕੇ ਇਹਨਾਂ ਦੀ ਸਰਕਾਰ ਬਣਾਈ ਸੀ ਪਰ ਉਹਨਾਂ ਦੀਆਂ ਸਾਰੀਆਂ ਉਮੀਦਾਂ ਤੇ ਪਾਣੀ ਫਿਰ ਗਿਆ | ਉਹਨਾਂ ਕਿਹਾ ਕਿ ਇਹੋ ਕਾਰਨ ਹੈ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਮੁੜ ਤੋਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਹੋ ਗਿਆ ਹੈ ਜਿਸ ਕਰਕੇ ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |