ਫ਼ਿਰੋਜ਼ਪੁਰ, 18 ਮਈ (ਸੁਖਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਕਮਿਸ਼ਨ ਦਾ ਉਦੇਸ਼ 'ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਹੈ | ਉਨ੍ਹਾਂ ਦੱਸਿਆ ਕਿ ਪ੍ਰੀ-ਐਸ.ਆਈ.ਆਰ ਵੋਟਰ ਮੈਪਿੰਗ ਦੌਰਾਨ ਜ਼ਿਲ੍ਹੇ ਵਿਚ ਲਗਭਗ 85.82% ਮੈਪਿੰਗ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰ ਲਿਆ ਗਿਆ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਚੋਣ ਹਲਕਾ 75-ਜ਼ੀਰਾ ਵਿਖੇ ਐਸ.ਡੀ.ਐਮ, ਜ਼ੀਰਾ, 76ਫ਼ਿਰੋਜ਼ਪੁਰ (ਸ਼ਹਿਰੀ) ਵਿਖੇ ਐਸ.ਡੀ.ਐਮ ਫ਼ਿਰੋਜ਼ਪੁਰ, 77ਫ਼ਿਰੋਜ਼ਪੁਰ (ਦਿਹਾਤੀ) ਵਿਖੇ ਏ.ਡੀ.ਸੀ (ਜ) ਫ਼ਿਰੋਜ਼ਪੁਰ ਅਤੇ 78-ਗੁਰੂਹਰਸਹਾਏ ਵਿਖੇ ਐਸ.ਡੀ.ਐਮ, ਗੁਰੂਹਰਸਹਾਏ ਬਤੌਰ ਚੋਣਕਾਰ ਰਜਿਸ਼ਟਰੇਸ਼ਨ ਅਫਸਰ ਡਿਊਟੀ ਨਿਭਾ ਰਹੇ ਹਨ | ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੁੱਲ 903 ਪੋਲਿੰਗ ਬੂਥ, 903 ਬੀ.ਐਲ.ਓਜ਼ ਅਤੇ 91 ਸੈਕਟਰ ਅਫਸਰ ਤੈਨਾਤ ਹਨ | ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਚੋਣਾਂ ਨਾਲ ਸਬੰਧਤ ਅਫਸਰਾਂ ਜਿਵੇਂ ਕਿ ਈ.ਆਰ.ਓ./ਏ.ਈ.ਆਰ.ਓ./ਸੁਪਰਵਾਈਜ਼ਰ/ਬੀ.ਐਲ.ਓ. ਨੂੰ ਟਰੇਨਿੰਗ ਅਤੇ ਇਨੂਮਰੇਸ਼ਨ ਫਾਰਮ ਡਾਊਨਲੋਡ ਅਤੇ ਪਿੰ੍ਰਟਿੰਗ 15 ਜੂਨ ਤੋਂ 24 ਜੂਨ ਤੱਕ ਕਰਵਾਈ ਜਾਵੇਗੀ | ਪ੍ਰੀ ਪਿ੍ੰਟਿਡ ਇਨੂਮਰੇਸ਼ਨ ਫਾਰਮ (02 ਪਰਤਾਂ ਵਿਚ) ਦੀ ਵੰਡ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਰਾਹੀਂ ਆਪਣੇ ਪੋਲਿੰਗ ਏਰੀਆ ਦੇ ਅਧੀਨ ਆਉਂਦੇ ਘਰਾਂ ਵਿਚ ਜਾ ਕੇ ਕੀਤੀ ਜਾਵੇਗੀ | ਬੀ.ਐਲ.ਓਜ਼ ਵਲੋਂ ਇਨੂਮਰੇਸ਼ਨ ਫਾਰਮ ਦੀ ਇਕ ਪਰਤ ਵਿਚ ਸਬੰਧਤ ਵੋਟਰ ਦੀ ਜਾਣਕਾਰੀ, ਫੋਟੋ ਅਤੇ ਵੋਟਰ ਸੂਚੀ 2003 ਵਿਚ ਦਰਜ ਇੰਦਰਾਜ਼ਾਂ ਨੂੰ ਭਰਿਆ ਜਾਵੇਗਾ ਅਤੇ ਸਬੰਧਤ ਈ.ਆਰ.ਓ ਦਫਤਰ ਵਿਚ ਜਮਾਂ ਕਰਵਾਇਆ ਜਾਵੇਗਾ ਅਤੇ ਦੂਸਰੀ ਪਰਤ ਸਬੰਧਤ ਵੋਟਰ ਨੂੰ ਰਸੀਦ ਦੇ ਤੌਰ 'ਤੇ ਦਿੱਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਈ.ਆਰ.ਓਜ਼ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੈਲਾਇਜੇਸ਼ਨ 24 ਜੁਲਾਈ ਤੱਕ ਕੀਤੀ ਜਾਵੇਗੀ | ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 31 ਜੁਲਾਈ ਨੂੰ ਕੀਤੀ ਜਾਵੇਗੀ | 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ 31 ਜੁਲਾਈ ਤੋਂ 28 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 01 ਅਕਤੂਬਰ ਨੂੰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ | ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ | ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਹਨਾਂ ਨਾਲ ਸੰਪਰਕ ਕਰਨਗੇ | ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ | ਚੋਣ ਦਫ਼ਤਰ ਵਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ 'ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ | ਐਸੀ.ਆਈ.ਆਰ. ਦੌਰਾਨ ਬੀ.ਐਲ.ਏ ਲਗਭਗ 50 ਇਨੂਮਰੇਸ਼ਨ ਫਾਰਮ ਪ੍ਰਤੀ ਦਿਨ ਬੀ.ਐਲ.ਓ ਕੋਲ ਜਮਾਂ ਕਰਵਾ ਸਕਦੇ ਹਨ | ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਕਰਨ | ਮੀਟਿੰਗ ਵਿਚ ਤਹਿਸੀਲਦਾਰ ਚੋਣਾਂ ਸਤਿੰਦਰ ਸਿੰਘ, ਚੋਣ ਕਾਨੂੰਗੋ ਗਗਨਦੀਪ ਕੌਰ, ਆਮ ਆਦਮੀ ਪਾਰਟੀ ਤੋਂ ਬਖ਼ਸ਼ੀਸ਼ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕੁਲਦੀਪ ਸਿੰਘ, ਸੀ.ਪੀ.ਆਈ. ਤੋਂ ਹੰਸਾ ਸਿੰਘ, ਸ਼ਰੋਮਣੀ ਅਕਾਲੀ ਦਲ ਤੋਂ ਚਮਕੌਰ ਸਿੰਘ ਟਿੱਬੀ ਅਤੇ ਬੀ.ਜੇ.ਪੀ. ਤੋਂ ਮਨਮੀਤ ਸਿੰਘ ਆਦਿ ਹਾਜ਼ਰ ਸਨ |