ਫਿਰੋਜ਼ਪੁਰ, 3 ਜੂਨ (ਸੁਖਵਿੰਦਰ ਸਿੰਘ)-ਸੇਵਾ ਕੇਂਦਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਦਫਤਰ ਦੇ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰੱਖਿਆ | ਸੇਵਾ ਕੇਂਦਰ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਘੱਟ ਤਨਖ਼ਾਹ ਅਤੇ ਵੱਖ-ਵੱਖ ਬਹਾਨਿਆਂ ਨਾਲ ਕਟੌਤੀਆਂ ਕੀਤੀਆਂ ਜਾਂਦੀਆਂ ਹਨ | ਜਿਸ ਦੇ ਰੋਸ ਵਜੋਂ ਇਹ ਧਰਨਾ ਲਗਾਇਆ ਗਿਆ ਹੈ | ਸੇਵਾ ਕੇਂਦਰ ਦੇ ਮੁਲਾਜ਼ਮ ਗਗਨਦੀਪ ਕੌਰ ਨੇ ਦੱਸਿਆ ਹੈ ਕਿ 10 ਹਜਾਰ ਰੁਪਏ ਤਨਖ਼ਾਹ ਹੈ, ਉਸ ਦੇ ਵਿਚੋਂ ਵੀ ਬਹਾਨੇ ਦੇ ਨਾਲ ਕਟੌਤੀ ਕਰਕੇ 6 ਜਾਂ 7 ਹਜਾਰ ਤਨਖ਼ਾਹ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਨਾ ਕੋਈ ਛੁੱਟੀ ਹੋਣ ਦੇ ਕਾਰਨ ਸਾਨੂੰ ਬਹੁਤ ਹੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਕਰਮਚਾਰੀਆਂ ਨੂੰ ਨਜਾਇਜ਼ ਕਾਰਨਾਂ ਦੇ ਆਧਾਰ ਤੇ ਨੌਕਰੀ ਤੋਂ ਕੱਢ ਦਿੱਤਾ ਜਾਂਦਾ | ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ ਅਤੇ ਘੱਟੋ ਘੱਟ 25 ਹਜਾਰ ਰੁਪਏ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਮੁੜ ਬਹਾਲ ਵੀ ਕੀਤਾ ਜਾਵੇ | ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |