ਗੁਰੂਹਰਸਹਾਏ, 3 ਜੂਨ(ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਜਨਰਲ ਸੈਂਸਸ-2027 ਅਤੇ ਪੰਜਾਬ ਸਰਕਾਰ ਵਲੋਂ ਡਰੱਗ ਅਤੇ ਸੋਸ਼ਿਓ-ਇਕਨੋਮਿਕ ਸੈਂਸਸ-2026 ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਮਹੱਤਵਪੂਰਨ ਸਰਵੇਖਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫ਼ੀਲਡ ਵਿਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਨਿਯੁਕਤੀ ਕੀਤੀ ਗਈ ਹੈ | ਅਤੇ ਉਹ ਗਿਣਤੀਕਾਰ ਘਰ-ਘਰ ਜਾ ਕੇ ਸਰਕਾਰ ਵਲੋਂ ਨਿਰਧਾਰਿਤ ਪ੍ਰੋਫਾਰਮਿਆਂ ਅਨੁਸਾਰ ਜਾਣਕਾਰੀ ਇਕੱਠੀ ਕਰ ਰਹੇ ਹਨ | ਇਸ ਸਬੰਧੀ ਸਭ ਡਿਵੀਜ਼ਨ ਗੁਰੂਹਰਸਹਾਏ ਦੇ ਐਸ.ਡੀ.ਐਮ. ਨੇ ਤਹਿਸੀਲ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਰਵੇਖਣ ਕਾਰਜ ਨੂੰ ਸਫਲ ਬਣਾਉਣ ਲਈ ਆਪਣੇ ਘਰ ਆਉਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਉਨ੍ਹਾਂ ਨਾਲ ਆਪਣੀ ਸਹੀ ਅਤੇ ਤੱਥਾਂ ਆਧਾਰਿਤ ਜਾਣਕਾਰੀ ਸਾਂਝੀ ਕਰਨ | ਉਨਾਂ ਕਿਹਾ ਕਿ ਸੈਂਸਸ ਅਤੇ ਸਰਵੇਖਣ ਦੇ ਅੰਕੜੇ ਸਰਕਾਰ ਲਈ ਵਿਕਾਸ ਯੋਜਨਾਵਾਂ ਤਿਆਰ ਕਰਨ ਦਾ ਆਧਾਰ ਬਣਦੇ ਹਨ | ਇਨ੍ਹਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਆਉਣ ਵਾਲੇ ਸਾਲਾਂ ਵਿੱਚ ਦੇਸ਼ ਅਤੇ ਪੰਜਾਬ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ, ਰੋਜ਼ਗਾਰ, ਸਿੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨਾਲ ਸੰਬੰਧਿਤ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਹ ਸਰਵੇਖਣ ਸਿਰਫ਼ ਸਰਕਾਰੀ ਕਾਰਵਾਈ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨਾਂ ਕਿਹਾ ਕਿ ਸਹੀ ਜਾਣਕਾਰੀ ਦੇਣ ਨਾਲ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲੇਗੀ | ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ | ਐਸ.ਡੀ.ਐਮ. ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਂਸਸ ਅਤੇ ਸਰਵੇਖਣ ਨੂੰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਮਹੱਤਵਪੂਰਨ ਕਾਰਜ ਸਫਲਤਾਪੂਰਵਕ ਮੁਕੰਮਲ ਹੋ ਸਕੇ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਲਈ ਸਹੀ ਅਤੇ ਭਰੋਸੇਯੋਗ ਅੰਕੜੇ ਉਪਲਬਧ ਹੋ ਸਕਣ |