ਫ਼ਿਰੋਜ਼ਪੁਰ, 4 ਜੂਨ (ਕੁਲਬੀਰ ਸਿੰਘ ਸੋਢੀ)-ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਅੱਜ ਸਥਾਨਕ ਪੰਚਵਟੀ ਰਿਜੋਰਟ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ। ਜਿਸ ਦੇ ਬਹੁਤ ਹੀ ਸਾਰਥਿਕ ਨਤੀਜੇ ਮਿਲੇ। ਵਿਧਾਇਕ ਭੁੱਲਰ ਨੇ ਵੀ.ਡੀ.ਸੀ. ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਵਿਧਾਇਕ ਭੁੱਲਰ ਨੇ ਸਾਰੇ ਸਾਥੀਆਂ ਨੂੰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ.ਐੱਸ.ਪੀ. ਸੁਖਵਿੰਦਰ ਸਿੰਘ ਅਤੇ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ (ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਡਾ. ਅਮਨਦੀਪ ਕੌਰ ਗੋਸਲ ਭੁੱਲਰ ਵੀ ਹਾਜ਼ਰ ਸਨ। ਅਧਿਕਾਰੀਆਂ ਵਲੋਂ ਵੀ.ਡੀ.ਸੀ. ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।