ਫਿਰੋਜ਼ਪੁਰ, 5 ਜੂਨ (ਸੁਖਵਿੰਦਰ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਦੀ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ | ਇਸ ਦੌਰਾਨ ਬਾਨੋ ਕਾ ਵਿਹੜਾ ਇਲਾਕੇ ਵਿੱਚ ਸ਼ੱਕ ਦੇ ਆਧਾਰ 'ਤੇ ਰਾਹੁਲ ਉਰਫ਼ ਖਿੱਲੀ ਪੁੱਤਰ ਗੁੱਗਾ ਵਾਸੀ ਗਲੀ ਨੰਬਰ 5, ਬਾਨੋ ਕਾ ਵਿਹੜਾ, ਫਿਰੋਜ਼ਪੁਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ | ਪੁਲਿਸ ਨੂੰ ਉਸ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ 'ਤੇ ਉਸ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕਰ ਲਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |