ਫਿਰੋਜ਼ਪੁਰ,5 ਜੂਨ (ਪੱਤਰ ਪ੍ਰੇਰਕ)-ਸੇਵਾ ਕੇਂਦਰ ਦੇ ਮੁਲਾਜ਼ਮ ਪਿਛਲੇ ਤਿੰਨ ਦਿਨਾਂ ਤੋਂ ਡੀ.ਸੀ. ਦਫ਼ਤਰ ਫਿਰੋਜ਼ਪੁਰ ਦੇ ਅੰਦਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹੋਏ ਹਨ, ਜਿਸ ਦਾ ਅੱਜ ਚੌਥਾ ਦਿਨ ਹੈ | ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ | ਮੁਲਾਜ਼ਮਾਂ ਦੇ ਇਸ ਸੰਘਰਸ਼ ਨੂੰ ਸਮਰਥਨ ਦੇਣ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਧਰਨੇ ਵਾਲੀ ਥਾਂ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸੇ ਵੀ ਮੁਲਾਜ਼ਮ ਨੂੰ ਧਰਨੇ ਲਗਾਉਣ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਕੁਲਬੀਰ ਸਿੰਘ ਜ਼ੀਰਾ ਨੇ ਅੱਗੇ ਦੱਸਿਆ ਕਿ ਟਾਰਾਸਿਸ ਕੰਪਨੀ ਆਪਣੇ ਮੁਨਾਫ਼ੇ ਲਈ ਸੇਵਾ ਕੇਂਦਰ ਮੁਲਾਜ਼ਮਾਂ ਦਾ ਲਗਾਤਾਰ ਸ਼ੋਸ਼ਣ ਕਰ ਰਹੀ ਹੈ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੰਪਨੀ ਵਲੋਂ ਪੰਜਾਬ ਦੇ ਆਮ ਲੋਕਾਂ ਨਾਲ ਵੀ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸੇਵਾਵਾਂ ਦੇ ਨਾਮ 'ਤੇ ਲੋਕਾਂ ਦੀ ਲੁੱਟ ਹੋ ਰਹੀ ਹੈ | ਕੁਲਬੀਰ ਸਿੰਘ ਜ਼ੀਰਾ ਨੇ ਧਰਨੇ 'ਚ ਬੈਠੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਰਕਾਰ ਨੂੰ ਤੁਰੰਤ ਦਖ਼ਲ ਦੇ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ | ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਉਨਾਂ ਦੇ ਨਾਲ ਸਾਬਕਾ ਸਰਪੰਚ ਬਲਦੇਵ ਸਿੰਘ ਰਤਾ ਖੇੜਾ, ਗੋਪੀ ਅÏਲਖ ਬਲਾਕ ਸੰਮਤੀ ਮੈਂਬਰ ਵਜੀਤਪੁਰ, ਹਰਮਨ ਸੰਧੂ ਸਾਬਕਾ ਜਨਰਲ ਸੈਕਟਰੀ ਕਾਂਗਰਸ ਕਮੇਟੀ, ਬਲਬੀਰ ਸਿੰਘ ਠੇਠਰ, ਬਿਲਕੁਲ ਮਨਜੀਤ ਸਿੰਘ ਵਜੀਤਪੁਰ, ਬਗ਼ੀਚਾ ਸਿੰਘ ਵਜੀਤਪੁਰ, ਮਨਪ੍ਰੀਤ ਸਿੰਘ, ਲਵ ਸਿੰਘ, ਮਨਦੀਪ ਥਿੰਦ, ਗਗਨ ਭੰਡਾਰੀ, ਹਰਮਨ ਸਿੰਘ ਸੰਧੂ ਸਾਂਈਾਆਂ ਵਾਲਾ ਅਤੇ ਰੂਬਲ ਪੀਏ ਆਦਿ ਹਾਜ਼ਰ ਸਨ |