03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਰੇਗਾ ਮੁਲਾਜ਼ਮਾਂ ਨੇ ਲਗਾਇਆ ਸਰਕਾਰ ਖ਼ਿਲਾਫ਼ ਧਰਨਾ

ਕਲਮ ਛੋੜ ਹੜਤਾਲ 'ਤੇ ਬੈਠੇ ਗੁਰੂਹਰਸਹਾਏ ਦੇ ਨਰੇਗਾ ਕਰਮਚਾਰੀ ਨਾਅਰੇਬਾਜ਼ੀ ਦੌਰਾਨ | ਤਸਵੀਰ-ਹਰਚਰਨ ਸਿੰਘ ਸੰਧੂ <br/> 09-06-2026
ਗੁਰੂਹਰਸਹਾਏ, 8 ਜੂਨ (ਹਰਚਰਨ ਸਿੰਘ ਸੰਧੂ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਪਿਛਲੇ ਲਗਭਗ 17 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾਅ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੀ ਕੋਠੀ ਅੱਗੇ ਇਕ ਵਿਸ਼ਾਲ ਰੋਸ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ ਤੇ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਰੇਗਾ ਬੰਦ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਬਿੱਲ ਪਾਸ ਕਰਨ ਵਿਰੁੱਧ ਪੰਜਾਬ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਨਰੇਗਾ ਮੁਲਾਜ਼ਮਾਂ ਦੇ ਵਿਰੁੱਧ ਹੀ ਬਿਆਨ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸਵਾਰ ਨਹੀਂ ਸਕੀ | ਦੂਜੇ ਪਾਸੇ ਪੰਚਾਇਤ ਸਕੱਤਰਾਂ ਅਤੇ ਵੀਡੀਉਜ਼ ਦਾ ਕੇਡਰ ਇਕੱਠਾ ਕਰਕੇ ਨਵੀਂ ਅਸਾਮੀ ਪੰਚਾਇਤ ਵਿਕਾਸ ਸਕੱਤਰ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਇਸ ਲਈ ਪੰਚਾਇਤ ਸੰਮਤੀ ਦੀਆਂ ਪੰਚਾਇਤ ਸਕੱਤਰਾਂ ਅਤੇ ਵੀਡੀਉਜ਼ ਦੀਆਂ ਸਾਰੀਆਂ ਅਸਾਮੀਆਂ ਖਾਲੀ ਹੋ ਚੁੱਕੀਆਂ ਹਨ | ਦਫ਼ਤਰੀ ਕਰਮਚਾਰੀਆਂ ਦੀਆਂ ਅਸਾਮੀਆਂ ਵੀ ਖ਼ਾਲੀ ਪਈਆਂ ਹਨ | ਇਕ ਪਾਸੇ ਮੁੱਖ ਮੰਤਰੀ 63000 ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰ ਰਹੇ ਹਨ ਦੂਜੇ ਪਾਸੇ 17 ਸਾਲਾਂ ਤੋਂ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਦੂਰ ਪੰਜ-ਪੰਜ ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪਿਛਲੇ 17 ਸਾਲਾਂ ਦੌਰਾਨ ਅਨੇਕਾਂ ਕੱਚੇ ਨਰੇਗਾ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋ ਚੁੱਕੀ ਹੈ ਅੱਜ ਤੱਕ ਕਿਸੇ ਵਾਰਸ ਨੂੰ ਨਾ ਤਾਂ ਨੌਕਰੀ ਦਿੱਤੀ ਗਈ ਤੇ ਨਾ ਹੀ ਕੋਈ ਮੁਆਵਜ਼ਾ ਦਿੱਤਾ ਗਿਆ | ਧਰਨੇ ਦੌਰਾਨ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਕਿ ਇਹ ਇਕ ਦਿਨ ਦਾ ਸੰਕੇਤਕ ਧਰਨਾ ਸੀ ਜੇਕਰ ਆਉਣ ਵਾਲੇ ਸਮੇਂ ਵਿਚ ਕੰਮ ਮੁਕੰਮਲ ਬੰਦ ਕਰਨੇ ਪਏ ਤਾਂ ਕੰਮ ਵੀ ਬੰਦ ਕਰਾਂਗੇ, ਪੱਕਾ ਧਰਨਾ ਲਾਉਣਾ ਪਿਆ ਤਾਂ ਉਹ ਵੀ ਲਾਵਾਂਗੇ, ਵਿੱਤ ਮੰਤਰੀ ਜਾਂ ਮੁੱਖ ਮੰਤਰੀ ਦਾ ਘਿਰਾਓ ਕਰਨਾ ਪਿਆ ਤਾਂ ਉਹ ਵੀ ਕਰਾਂਗੇ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੱਲਾਂਵਾਲਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਗੁਰੂਹਰਸਹਾਏ ਵਿਖੇ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।