ਫਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਸੇਵਾ ਕੇਂਦਰ ਮੁਲਾਜ਼ਮਾਂ ਉੱਤੇ ਹੁਣ ਪ੍ਰਸ਼ਾਸਨ ਦੀ ਤਲਵਾਰ ਲਟਕਦੀ ਨਜ਼ਰ ਆ ਰਹੀ ਹੈ | ਮੁਲਾਜ਼ਮਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਨੇ ਪਿਛਲੇ ਦਰਵਾਜ਼ੇ ਰਾਹੀਂ ਨਵੀਆਂ ਭਰਤੀਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਜਿਸ ਕਾਰਨ ਇਹ ਚਰਚਾ ਤੇਜ਼ ਹੋ ਗਈ ਹੈ ਕਿ ਧਰਨੇ 'ਤੇ ਬੈਠੇ ਪੁਰਾਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਸੇਵਾਵਾਂ ਦੇ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ | ਇਸ ਮਾਮਲੇ ਨੇ ਹੁਣ ਸਿਆਸੀ ਰੰਗ ਵੀ ਧਾਰ ਲਿਆ ਹੈ | ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਸਮੇਤ ਹੋਰ ਆਗੂ ਵੀ ਮੁਲਾਜ਼ਮਾਂ ਦੇ ਹੱਕ ਵਿਚ ਨਜ਼ਰ ਆ ਰਹੇ ਹਨ ਅਤੇ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ | ਧਰਨਾਕਾਰੀ ਮੁਲਾਜ਼ਮਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਬਜਾਏ ਨਵੀਆਂ ਭਰਤੀਆਂ ਕਰਕੇ ਇਹ ਸੰਕੇਤ ਦੇ ਦਿੱਤਾ ਹੈ ਕਿ ਉਹ ਪੁਰਾਣੇ ਮੁਲਾਜ਼ਮਾਂ ਦੀ ਥਾਂ ਨਵੇਂ ਕਰਮਚਾਰੀਆਂ ਨਾਲ ਕੰਮ ਚਲਾਉਣਾ ਚਾਹੁੰਦਾ ਹੈ | ਇਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਨੌਕਰੀਆਂ 'ਤੇ ਖ਼ਤਰਾ ਬਣਿਆ ਰਿਹਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਕਈ ਸਾਲਾਂ ਤੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਪਰ ਅੱਜ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਨਵੀਆਂ ਭਰਤੀਆਂ ਕਰਨ ਦੀ ਕੋਸ਼ਿਸ਼ ਕਰਨਾ ਨਾਇਨਸਾਫ਼ੀ ਹੈ | ਆਸ਼ੂ ਬੰਗੜ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ | ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਨੌਕਰੀ ਤੋਂ ਵਾਂਝਾ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਜਾਰੀ ਰਹੀ ਤਾਂ ਕਾਂਗਰਸ ਪਾਰਟੀ ਉਨ੍ਹਾਂ ਦੇ ਹੱਕਾਂ ਲਈ ਹਰ ਪੱਧਰ 'ਤੇ ਆਵਾਜ਼ ਬੁਲੰਦ ਕਰੇਗੀ |