ਗੁਰੂਹਰਸਹਾਏ, 9 ਜੂਨ (ਕਪਿਲ ਕੰਧਾਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਜਾਵਲਾਖੇਲ (ਲਲਿਤਪੁਰ) ਵਿਖੇ 2 ਤੋਂ 4 ਜੂਨ 2026 ਤੱਕ ਕਰਵਾਈ ਗਈ 17ਵੀਂ ਐਨ.ਐਸ.ਕੇ.ਏ. ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ-2026 ਵਿਚ ਸਕੂਲ ਦੇ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 6 ਮੈਡਲ ਆਪਣੇ ਨਾਮ ਕੀਤੇ | ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤ ਕੇ ਭਾਰਤ ਦਾ ਤਿਰੰਗਾ ਅੰਤਰਰਾਸ਼ਟਰੀ ਮੰਚ 'ਤੇ ਲਹਿਰਾਇਆ ਅਤੇ ਦੇਸ਼ ਦਾ ਮਾਣ ਵਧਾਇਆ | ਖਿਡਾਰੀਆਂ ਦੀ ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸਕੂਲ ਦੇ ਕਰਾਟੇ ਕੋਚ ਮਿਸਟਰ ਸ਼ੈਲੇਂਦਰ ਦੀ ਯੋਗ ਅਗਵਾਈ ਨੂੰ ਜਾਂਦਾ ਹੈ | ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਬਿਹਤਰੀਨ ਸਿਖਲਾਈ ਸਦਕਾ ਖਿਡਾਰੀਆਂ ਨੇ ਇਹ ਵੱਡੀ ਉਪਲਬਧੀ ਹਾਸਲ ਕੀਤੀ | ਚੈਂਪੀਅਨਸ਼ਿਪ ਦੌਰਾਨ ਕੋਚ ਸ਼ੈਲੇਂਦਰ ਨੂੰ ਵੀ ਖੇਡਾਂ ਦੇ ਖੇਤਰ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ਮੈਡਲ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ |