06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਕਾਮਿਆਂ ਨੇ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਹੜਤਾਲ ਕੀਤੀ ਸ਼ੁਰੂ

ਅਜੀਤ ਡੈਸਕ 11-06-2026
ਜ਼ੀਰਾ, 10 ਜੂਨ (ਰਜਨੀਸ਼ ਕਥੂਰੀਆ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਯੂਨੀਅਨ ਆਗੂਆਂ ਨੇ ਸਰਕਾਰ ਵਿਰੁੱਧ ਤਿੱਖੀ ਬਿਆਨਬਾਜ਼ੀ ਕਰਦਿਆਂ ਕਿਹਾ ਕਿ ਜਿਹੜੀ ਸਰਕਾਰ ਅੰਦੋਲਨਾਂ ਵਿਚੋਂ ਨਿਕਲੀ ਸੀ, ਅੱਜ ਉਹ ਹੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਹੈ | ਹੜਤਾਲ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਅਤੇ ਸਰਪ੍ਰਸਤ ਬੂਟਾ ਸਿੰਘ ਵੜੈਚ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਦੱਸਿਆ ਕਿ ਸਰਕਾਰ ਮਹਿਕਮੇ ਦਾ ਨਿੱਜੀਕਰਨ ਕਰਨ 'ਤੇ ਤੁਲੀ ਹੋਈ ਹੈ ਅਤੇ ਸਰਕਾਰੀ ਬੇੜੇ ਵਿਚ ਨਵੀਆਂ ਬੱਸਾਂ ਪਾਉਣ ਦੀ ਬਜਾਏ ਪ੍ਰਾਈਵੇਟ 'ਕਿੱਲੋਮੀਟਰ ਸਕੀਮ' ਬੱਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ | ਆਗੂਆਂ ਨੇ ਰੋਸ ਜ਼ਾਹਿਰ ਕੀਤਾ ਕਿ ਕਿੱਲੋਮੀਟਰ ਸਕੀਮ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਨੂੰ ਪਿਛਲੇ 4 ਮਹੀਨਿਆਂ ਤੋਂ ਜੇਲ੍ਹਾਂ ਵਿਚ ਬੰਦ ਰੱਖਿਆ ਗਿਆ ਹੈ ਜਦੋਂਕਿ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਕਰਨ ਦੀ ਬਜਾਏ ਪ੍ਰਾਈਵੇਟ ਬੱਸਾਂ ਨੂੰ ਹਰੀ ਝੰਡੀ ਦੇ ਕੇ ਸੜਕਾਂ 'ਤੇ ਉਤਾਰ ਦਿੱਤਾ ਹੈ | ਸਰਕਲ ਸਕੱਤਰ ਸੁਖਪ੍ਰੀਤ ਸਿੰਘ ਭੁੱਲਰ ਅਤੇ ਪ੍ਰਧਾਨ ਵਲਟੋਹਾ ਨੇ ਸਪੱਸ਼ਟ ਕੀਤਾ ਕਿ ਵਰਕਰ ਹੁਣ ਦਲਾਲ ਠੇਕੇਦਾਰਾਂ ਦੇ ਰਹਿਮੋ-ਕਰਮ 'ਤੇ ਨਹੀਂ ਰਹਿਣਗੇ | ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਸਰਕਾਰ ਵਿਚੋਲੇ ਠੇਕੇਦਾਰਾਂ ਨੂੰ ਬਾਹਰ ਕੱਢ ਕੇ ਵਰਕਰਾਂ ਨੂੰ ਸਿੱਧਾ ਵਿਭਾਗ ਦੇ ਅਧੀਨ ਕਰੇ, ਬਰਾਬਰ ਕੰਮ, 'ਸਮਾਨ ਕੰਮ-ਸਮਾਨ ਤਨਖ਼ਾਹ' ਦਾ ਕਾਨੂੰਨ ਸਖ਼ਤੀ ਨਾਲ ਲਾਗੂ ਕੀਤਾ ਜਾਵੇ, 2008 ਤੋਂ 2026 ਤੱਕ ਆਊਟਸੋਰਸਿੰਗ 'ਤੇ ਕੰਮ ਕਰ ਰਹੇ ਅਤੇ 10 ਸਾਲਾਂ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਮਹਿਕਮੇ ਵਿਚ ਘੱਟੋ-ਘੱਟ 5,000 ਨਵੀਆਂ ਸਰਕਾਰੀ ਬੱਸਾਂ ਦੋ ਪੜਾਵਾਂ ਵਿਚ ਪਾ ਕੇ ਕੁੱਲ ਫਲੀਟ 10,000 ਤੋਂ ਪਾਰ ਕੀਤਾ ਜਾਵੇ | ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜੇਲ੍ਹ 'ਚ ਬੰਦ ਵਰਕਰਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਅਤੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਪ੍ਰਚੰਡ ਕੀਤਾ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ, ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲ ਮੰਡਲ ਵਿਚ ਟਰੈਕਟਰਾਂ ਦੀ ਮਾਲ ਢੁਆਈ ਵਿਚ ਸ਼ਾਨਦਾਰ ਵਾਧਾ ਅਗਲੀ ਖ਼ਬਰ ਡਰੋਨ ਰਾਹੀਂ ਭੇਜੀ ਗਈ 2 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।