02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਾਰ ਕੌਂਸਲ ਚੋਣਾਂ ਦੇ ਪ੍ਰੋਗਰਾਮ ਦਾ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਵਿਰੋਧ

ਅਜੀਤ ਡੈਸਕ 13-06-2026
ਫ਼ਿਰੋਜ਼ਪੁਰ 12 ਜੂਨ (ਰਾਕੇਸ਼ ਚਾਵਲਾ)-ਪੰਜਾਬ ਦੀਆਂ ਵੱਖ-ਵੱਖ ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਵੀਡੀਓ ਕਾਨਫਰੰਾਸਿੰਗ ਰਾਹੀਂ ਹੋਈ ਜਿਸ ਵਿਚ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.), ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਅਤੇ ਚੋਣ ਕਮੇਟੀ ਦੇ ਰਵੱਈਏ 'ਤੇ ਗੰਭੀਰ ਚਿੰਤਾ ਅਤੇ ਨਾਰਾਜ਼ਗੀ ਜਤਾਈ ਗਈ | ਮੀਟਿੰਗ ਦੌਰਾਨ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਕਿਹਾ ਕਿ 12 ਜੂਨ 2026 ਨੂੰ ਜਾਰੀ ਕੀਤਾ ਗਿਆ ਚੋਣ ਪ੍ਰੋਗਰਾਮ ਬਾਰ ਐਸੋਸੀਏਸ਼ਨਾਂ ਨਾਲ ਬਿਨਾਂ ਯੋਗ ਸਲਾਹ-ਮਸ਼ਵਰੇ ਦੇ ਤਿਆਰ ਕੀਤਾ ਗਿਆ ਹੈ ਅਤੇ ਇਹ ਚੋਣਾਂ ਦੇ ਸੁਚਾਰੂ 'ਤੇ ਨਿਰਪੱਖ ਆਯੋਜਨ ਲਈ ਵਿਹਾਰਕ ਨਹੀਂ ਹੈ | ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨਾਂ ਵਲੋਂ ਭੇਜੇ ਗਏ ਸੁਝਾਵਾਂ ਅਤੇ ਮੰਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ | ਨੁਮਾਇੰਦਿਆਂ ਨੇ ਸਪਸ਼ਟ ਕੀਤਾ ਕਿ ਉਹ ਚੋਣਾਂ ਕਰਵਾਉਣ ਦੇ ਵਿਰੋਧੀ ਨਹੀਂ ਹਨ ਪਰ ਚੋਣ ਸ਼ਡਿਊਲ ਅਜਿਹਾ ਹੋਣਾ ਚਾਹੀਦਾ ਹੈ ਜੋ ਹਕੀਕਤੀ ਹਾਲਤਾਂ ਦੇ ਅਨੁਕੂਲ ਹੋਵੇ ਅਤੇ ਜਿਸ ਨਾਲ ਚੋਣਾਂ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕਣ | ਵਿਸਥਾਰਪੂਰਵਕ ਚਰਚਾ ਤੋਂ ਬਾਅਦ ਮੀਟਿੰਗ ਵਿਚ ਮੌਜੂਦ ਸਾਰੇ ਨੁਮਾਇੰਦਿਆਂ ਨੇ 12 ਜੂਨ 2026 ਦੇ ਚੋਣ ਪ੍ਰੋਗਰਾਮ ਦਾ ਵਿਰੋਧ ਕਰਨ ਅਤੇ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ ਇਸ ਨੋਟੀਫ਼ਿਕੇਸ਼ਨ ਦੀ ਪਾਲਨਾ ਨਾ ਕਰਨ ਦੀ ਅਪੀਲ ਕੀਤੀ | ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ 18 ਦਸੰਬਰ 2026 ਨੂੰ ਕਰਵਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ | ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੋ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਦੇ ਇਸ ਫ਼ੈਸਲੇ ਨਾਲ ਨਹੀਂ ਜੁੜੇਗੀ, ਉਸ ਨੂੰ ਜੇ.ਏ.ਸੀ. ਦੇ ਦਾਇਰੇ ਤੋਂ ਬਾਹਰ ਮੰਨਿਆ ਜਾਵੇਗਾ ਅਤੇ ਭਵਿੱਖ ਵਿਚ ਉਸ ਨੂੰ ਜੇ.ਏ.ਸੀ. ਦਾ ਸਹਿਯੋਗ ਪ੍ਰਾਪਤ ਨਹੀਂ ਹੋਵੇਗਾ | ਜੇ.ਏ.ਸੀ. ਨੇ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਮਰਥਨ ਦੀ ਪੁਸ਼ਟੀ ਜਲਦ ਤੋਂ ਜਲਦ ਭੇਜਣ, ਤਾਂ ਜੋ ਬਹੁਮਤ ਸਮਰਥਨ ਪ੍ਰਾਪਤ ਹੋਣ ਉਪਰੰਤ ਇਕ ਸਾਂਝਾ ਮਤਾ ਤਿਆਰ ਕਰਕੇ ਬਾਰ ਕੌਂਸਲ ਆਫ਼ ਇੰਡੀਆ ਅਤੇ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਨੂੰ ਭੇਜਿਆ ਜਾ ਸਕੇ | ਇਹ ਜਾਣਕਾਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸਕੱਤਰ ਨੀਲ ਰਤਨ ਸ਼ਰਮਾ ਨੇ ਦਿੱਤੀ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਰੇਸ਼ਮ ਸਿੰਘ ਭੁੱਲਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਿਹਤ ਵਿਭਾਗ ਅਤੇ ਨਗਰ ਕੌਂਸਲ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।