26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਫਿਰੋਜ਼ਪੁਰ ’ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ

ਅਜੀਤ ਡੈਸਕ 15-06-2026

ਫ਼ਿਰੋਜ਼ਪੁਰ, 14 ਜੂਨ (ਸੁਖਵਿੰਦਰ ਸਿੰਘ) –ਫਿਰੋਜ਼ਪੁਰ ਸ਼ਹਿਰ ਦੇ ਗਾਂਧੀ ਨਗਰ ਇਲਾਕੇ ਵਿਚ ਇਕ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਰਮਾਨ ਗੋਰਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਦਕਿ ਮ੍ਰਿਤਕ ਦੇ ਪਰਿਵਾਰ ਨੇ ਉਸਦੇ ਕੁਝ ਦੋਸਤਾਂ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਮਾਤਾ ਕ੍ਰਿਸ਼ਨਾ ਨੇ ਦੱਸਿਆ ਕਿ ਬੀਤੀ ਰਾਤ ਉਸਦੇ ਬੇਟੇ ਕੋਲ ਕੁਝ ਦੋਸਤ ਆਏ ਹੋਏ ਸਨ। ਉਨ੍ਹਾਂ ਨੇ ਕਮਰਾ ਬੰਦ ਕਰ ਲਿਆ ਅਤੇ ਦੇਰ ਰਾਤ ਤੱਕ ਅੰਦਰ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮਨਾਂ ਕਰਨ ਦੇ ਬਾਵਜੂਦ ਵੀ ਨੌਜਵਾਨ ਕਮਰੇ ਅੰਦਰ ਬੈਠੇ ਰਹੇ। ਪਰਿਵਾਰ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਸਵੇਰ ਤੱਕ ਅਜਿਹੀ ਦੁਖਦਾਈ ਘਟਨਾ ਵਾਪਰ ਜਾਵੇਗੀ। ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਅਰਮਾਨ ਗੋਰਾ ਦੀ ਲਾਸ਼ ਕਮਰੇ ਅੰਦਰ ਜ਼ਮੀਨ ’ਤੇ ਪਈ ਹੋਈ ਸੀ। ਇਸ ਦੇ ਨਾਲ ਹੀ ਕਮਰੇ ਦਾ ਇਕ ਹੋਰ ਦਰਵਾਜ਼ਾ ਟੁੱਟਿਆ ਹੋਇਆ ਮਿਲਿਆ। ਮ੍ਰਿਤਕ ਦੀ ਮਾਤਾ ਨੇ ਸ਼ੱਕ ਜਤਾਇਆ ਕਿ ਦਰਵਾਜ਼ਾ ਤੋੜ ਕੇ ਕੁਝ ਲੋਕ ਉਥੋਂ ਨਿਕਲੇ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਬੇਟੇ ਦੇ ਦੋਸਤਾਂ ਦਾ ਇਸ ਮਾਮਲੇ ਨਾਲ ਸਬੰਧ ਹੋ ਸਕਦਾ ਹੈ ਅਤੇ ਪੁਲਿਸ ਵਲੋਂ ਇਸ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗਦਾ, ਉਦੋਂ ਤੱਕ ਉਨ੍ਹਾਂ ਦੇ ਮਨ ਵਿਚ ਕਈ ਸਵਾਲ ਬਣੇ ਰਹਿਣਗੇ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ.ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ। ਉਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫਿਲਹਾਲ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋਇਆ ਹੈ ਅਤੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਸ਼ਹੀਦਾਂ ਦੀ ਸਮਾਧ ਨੂੰ ਜਾਂਦੇ ਰਸਤੇ ’ਤੇ ਖਤਰੇ ਦਾ ਸਫ਼ਰ, ਅਧੂਰੇ ਪੁੱਲ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ ਅਗਲੀ ਖ਼ਬਰ ਸਿਹਤ ਵਿਭਾਗ ਦੇ ਸਾਂਝੇ ਮੁਲਾਜ਼ਮ ਮੰਚ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ਾਂ ’ਚ ਮੋਹਰੀ ਰੋਲ ਨਿਭਾਉਣਗੇ ਸਿਹਤ ਕਾਮੇ- ਮੰਗਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।