ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ’ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਚੱਲ ਰਹੇ ਸ਼ੰਘਰਸ਼ਾਂ ਦੀ ਲੜੀ ਤਹਿਤ ਬਲਾਕ ਪੱਧਰੀ ਧਰਨਾ 17ਵੇਂ ਦਿਨ ਵੀ ਜਾਰੀ ਰਿਹਾ। ਗੁਰੂਹਰਸਹਾਏ ਵਿਖੇ ਰੋਹ ਭਰਪੂਰ ਨਾਅਰੇਬਾਜ਼ੀ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਸਾਂਝੀ ਕਰਦਿਆਂ ਬਲਾਕ ਪ੍ਰਧਾਨ ਅਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਪਿਛਲੇ ਲਗਭਗ 17 -18 ਸਾਲ ਤੋਂ ਉਹ ਕੱਚੀ ਨੌਕਰੀ ਕਰ ਰਹੇ ਹਨ। ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖ਼ਾਹ ਰੋਕ ਲੈਣ, ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ। ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸੰਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ। ਜੇਕਰ ਉਹ ਵਾਧੂ ਕੰਮਾਂ ਨੂੰ ਕਰਨ ਤੋਂ ਮਨ੍ਹਾਂ ਕਰਦੇ ਹਨ ਤਾਂ ਉਨ੍ਹਾਂ ਦਾ ਕੰਟਰੈਕਟ ਰੋਕ ਲੈਣ, ਬਦਲੀ ਕਰਨ ਵਰਗੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਬਿਲਕੁਲ ਨਿਗੂਣੀਆਂ ਤਨਖ਼ਾਹਾਂ ਤੇ ਕੀਤੀ ਗਈ ਸੀ। ਅੱਜ 18 ਸਾਲ ਬਾਅਦ ਵੀ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਬਕਾਇਆ ਹਨ। ਜਿਸ ਕਾਰਨ ਘਰਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ। ਬੱਚਿਆਂ ਦੀਆਂ ਸਕੂਲਾਂ-ਕਾਲਜਾਂ ਦੀਆਂ ਫ਼ੀਸਾਂ, ਵਰਦੀਆਂ, ਕਿਤਾਬਾਂ, ਸਕੂਲ ਵੈਨਾਂ ਦੀ ਫ਼ੀਸ, ਮਾਪਿਆਂ ਦੀਆਂ ਦਵਾਈਆਂ ਅਤੇ ਇਲਾਜ, ਲੋਨ ਦੀਆਂ ਕਿਸ਼ਤਾਂ ਵਰਗੀਆਂ ਲੋੜਾਂ ਪੂਰੀਆਂ ਕਰਨ ਵਿਚ ਅਸਮਰੱਥ ਨਰੇਗਾ ਮੁਲਾਜ਼ਮ ਆਪਣਾ ਕੀਮਤੀ ਸਮਾਨ ਵੇਚ ਕੇ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕੇ ਪੰਜਾਬ ਸਰਕਾਰ ਵੱਲੋਂ 65048 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਜੋ ਕਾਨੂੰਨ ਬਣਾਇਆ ਗਿਆ ਹੈ ਉਸ ਵਿਚ ਵੀ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਨਰੇਗਾ ਕਾਨੂੰਨ -2005 ਵਿੱਚ ਸਪਸ਼ਟ ਤੌਰ ਤੇ ਲਿਖਿਆ ਗਿਆ ਹੈ ਕਿ ਨਰੇਗਾ ਲਈ ਮੁਲਾਜ਼ਮ ਸੂਬਾ ਸਰਕਾਰ ਮੁੱਹਈਆ ਕਰਵਾਏਗੀ ਉਹ ਚਾਹੇ ਰੈਗੂਲਰ ਭਰਤੀ ਕਰੇ ਚਾਹੇ ਕੰਟਰੈਕਟ ’ਤੇ, ਪਰ ਹਰ ਸਰਕਾਰ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ਵਿੱਚ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਆਖ ਕੇ ਪੱਲਾ ਝਾੜ ਲੈਂਦੀ ਹੈ। । ਮੌਜੂਦਾ ਮਾਨ ਸਰਕਾਰ ਨੇ ਵੀ ਕਈ ਵਿਭਾਗਾਂ ਦੇ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਸੂਬੇ ਵਿਚ ਪੱਕਾ ਕੀਤਾ ਹੈ। ਨਰੇਗਾ ਮੁਲਾਜ਼ਮਾਂ ਨਾਲ ਹੀ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ, ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ, ਚੇਅਰਮੈਨਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ ਹਨ, ਪਰ ਅਜੇ ਤੱਕ ਕੋਈ ਸੁਨਵਾਈ ਨਹੀਂ ਹੋਈ ਜਿਸ ਕਾਰਨ ਸੂਬੇ ਭਰ ਦੇ ਨਰੇਗਾ ਮੁਲਾਜ਼ਮਾਂ ਵਿਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਰੇਗਾ ਕਰਮਚਾਰੀਆਂ ਦੇ ਮਸਲੇ ਦਾ ਕੋਈ ਢੁਕਵਾਂ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦਾ ਨਰੇਗਾ ਮੁਲਾਜ਼ਮਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਅੰਜੂ ਬਾਲਾ, ਰੀਤੂ ਬਾਲਾ, ਮਨਪ੍ਰੀਤ ਸਿੰਘ, ਅਮਨਦੀਪ ਕੌਰ, ਰਜਿੰਦਰ ਕੁਮਾਰ, ਮੋਹਿਤ, ਮਨੀਸ਼ ਕੁਮਾਰ, ਵੀਨਾ ਰਾਣੀ, ਹਾਜ਼ਰ ਸਨ।