ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚਾ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਅਣਗੌਲਿਆ ਕਰਨ ਦੇ ਵਿਰੋਧ ਵਿਚ ਵਿੱਢੇ ਸੰਘਰਸ਼ ਤਹਿਤ 15 ਤੋਂ 22 ਜੂਨ ਤੱਕ ਸਰਕਲ ਪੱਧਰੀ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਦਕਿ 24 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਲੜੀ ਤਹਿਤ ਅੱਜ ਫ਼ਿਰੋਜ਼ਪੁਰ ਸਰਕਲ ਦਫ਼ਤਰ ਅੱਗੇ ਰਮਨਦੀਪ ਸਿੰਘ ਲਹੌਰੀਆ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਮੋਰਚੇ ਦੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ ਅਤੇ ਸੂਬਾ ਸਕੱਤਰ ਇੰਜੀਨੀਅਰ ਸ਼ਿੰਗਾਰ ਚੰਦ ਮਹਿਰੋਕ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਵਰ ਕਾੱਮ ਵਿਚ ਕਰੀਬ 72 ਹਜ਼ਾਰ ਅਸਾਮੀਆਂ ਮਨਜ਼ੂਰ ਹਨ ਪਰ ਮੌਜੂਦਾ ਸਮੇਂ ਸਿਰਫ਼ 28 ਹਜ਼ਾਰ ਦੇ ਕਰੀਬ ਕਰਮਚਾਰੀ ਹੀ ਕੰਮ ਕਰ ਰਹੇ ਹਨ। ਸਟਾਫ਼ ਦੀ ਭਾਰੀ ਘਾਟ ਕਾਰਨ ਕਰਮਚਾਰੀਆਂ ਉੱਤੇ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਉਹ ਦਿਨ-ਰਾਤ ਔਖੇ ਹਾਲਾਤਾਂ ਵਿਚ ਡਿਊਟੀ ਨਿਭਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਵਧੇਰੇ ਵਰਕਲੋਡ ਕਾਰਨ ਕਈ ਮੁਲਾਜ਼ਮ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ 18 ਫ਼ੀਸਦੀ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਭਰਤੀ ਨੀਤੀਆਂ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਕਾਰਨ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਮੌਕੇ ਪ੍ਰਭਾਵਿਤ ਹੋ ਰਹੇ ਹਨ। ਮੋਰਚੇ ਨੇ ਮੰਗ ਕੀਤੀ ਕਿ ਖ਼ਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸੱਤਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਦਿੱਤਾ ਜਾਵੇ, 07/2021 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ 35,400 ਰੁਪਏ ਦਾ ਸਕੇਲ ਲਾਗੂ ਕੀਤਾ ਜਾਵੇ। ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਹਮਦਰਦੀ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਵੇ ਅਤੇ ਪਾਵਰਕੌਮ ਦੀਆਂ ਜ਼ਮੀਨਾਂ ਦੀ ਵਿੱਕਰੀ ’ਤੇ ਰੋਕ ਲਗਾਈ ਜਾਵੇ। ਇਸ ਮੌਕੇ ਇੰਜੀਨੀਅਰ ਮਨਜੀਤ ਸਿੰਘ, ਇੰਜੀਨੀਅਰ ਰੇਸ਼ਮ ਸਿੰਘ, ਮਨਜੀਤ ਸਿੰਘ ਜ਼ੀਰਾ, ਸ਼ੇਰ ਸਿੰਘ, ਰਜਿੰਦਰ ਸ਼ਰਮਾ, ਇੰਜੀਨੀਅਰ ਜਗਸੀਰ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਸੰਦੀਪ ਕੁਮਾਰ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਜਲਾਲਾਬਾਦ ਡਵੀਜ਼ਨ ਦੇ ਪ੍ਰਧਾਨ ਸ਼ੇਰ ਸਿੰਘ ਦੀ ਕਥਿਤ ਸਿਆਸੀ ਆਧਾਰ ’ਤੇ ਕੀਤੀ ਗਈ ਬਦਲੀ ਨੂੰ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ਸਰਕਲ ਦਫ਼ਤਰ ਅੱਗੇ ਰੋਸ ਧਰਨਾ
ਅਜੀਤ ਡੈਸਕ
18-06-2026