30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਰਕਾਰੀ ਸਕੂਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 18-06-2026

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਆਪਣੀਆਂ ਵਿਲੱਖਣ ਅਕਾਦਮਿਕ ਪ੍ਰਾਪਤੀਆਂ ਨਾਲ ਨਾ ਸਿਰਫ਼ ਜ਼ਿਲ੍ਹੇ ਦਾ ਸਗੋਂ ਪੰਜਾਬ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਨ੍ਹਾਂ ਸ਼ਾਨਦਾਰ ਉਪਲਬਧੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਵਲੋਂ ਵਿਦਿਆਰਥਣਾਂ ਜਸ਼ਨਦੀਪ ਕੌਰ ਅਤੇ ਅਨਮੋਲਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਕਾਰਾਤਮਿਕ ਸੋਚ ਨਾਲ ਹੀ ਜ਼ਿੰਦਗੀ ਵਿਚ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਨਿਰੰਤਰ ਯਤਨ ਕਰਨ ਦੀ ਪੇ੍ਰਰਨਾ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਜੇਈ.ਈ ਮੇਨਜ਼ ਅਤੇ ਜੇ.ਈ.ਈ ਐਡਵਾਂਸਡ ਵਰਗੀਆਂ ਦੇਸ਼ ਦੀਆਂ ਸੱਭ ਤੋਂ ਮੁਸ਼ਕਲ ਪ੍ਰਵੇਸ਼ ਪ੍ਰੀਖਿਆਵਾਂ ਸਫਲਤਾਪੂਰਵਕ ਪਾਸ ਕਰਕੇ ਭਾਰਤੀ ਤਕਨਾਲੋਜੀ ਸੰਸਥਾਨ (ਆਈ.ਆਈ.ਟੀ) ਦਿੱਲੀ ਵਿਚ ਦਾਖਲਾ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਲਗਾਤਾਰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਅੱਠਵੀਂ ਅਤੇ ਦਸਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਤੋਂ ਇਲਾਵਾ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐਨ.ਐਮ.ਐਮ.ਐਸ) ਪ੍ਰੀਖਿਆ ਵਿਚ ਪੰਜਾਬ ਭਰ ਵਿਚ ਦੂਜਾ ਅਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅਨਮੋਲਪ੍ਰੀਤ ਦੀਆਂ ਵਿਸ਼ੇਸ਼ ਪ੍ਰਾਪਤੀਆਂ ਨੂੰ ਦੇਖਦਿਆਂ ਭਾਰਤ ਸਰਕਾਰ ਵਲੋਂ ਉਸ ਦੀ ਚੋਣ ਜਾਪਾਨ ਵਿਚ ਆਯੋਜਿਤ ਸਾਕੂਰਾ ਹਾਈ ਸਕੂਲ ਸਾਇੰਸ ਐਕਸਚੇਂਜ ਪ੍ਰੋਗਰਾਮ ਲਈ ਕੀਤੀ ਗਈ। ਉਹ 24 ਤੋਂ 31 ਮਈ ਤੱਕ ਜਾਪਾਨ ਵਿਚ ਹੋਏ ਗਿਆਨ ਵਟਾਂਦਰਾ ਪ੍ਰੋਗਰਾਮ ਵਿਚ ਭਾਗ ਲੈ ਕੇ ਵਾਪਸ ਪਰਤੀ ਹੈ। ਜੋ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜਸ਼ਨਦੀਪ ਅਤੇ ਅਨਮੋਲਪ੍ਰੀਤ ਵਰਗੀਆਂ ਹੋਣਹਾਰ ਵਿਦਿਆਰਥਣਾਂ ਹੋਰ ਬੱਚਿਆਂ ਲਈ ਪੇ੍ਰਰਨਾ ਸਰੋਤ ਹਨ ਅਤੇ ਸਰਕਾਰੀ ਸਕੂਲਾਂ ਵਿਚ ਮਿਲ ਰਹੀ ਗੁਣਵੱਤਾਪੂਰਨ ਸਿੱਖਿਆ ਦੀ ਮਿਸਾਲ ਹਨ।

ਪਿਛਲੀ ਖ਼ਬਰ ਫਿਰੋਜ਼ਪੁਰ ਦੇ ਨਵੇਂ ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਕੈਂਟ ਬੋਰਡ ਸਟੇਡੀਅਮ ਵਿਖੇ 21 ਨੂੰ ਮਨਾਇਆ ਜਾਵੇਗਾ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ - ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।