03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਸਾੜੀ ਸਰਕਾਰ ਦੇ ਵਾਅਦਿਆਂ ਦੀ ਪੰਡ

ਅਜੀਤ ਡੈਸਕ 13-07-2026

15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
ਫ਼ਿਰੋਜ਼ਪੁਰ 12 ਜੁਲਾਈ (ਕੁਲਬੀਰ ਸਿੰਘ ਸੋਢੀ)-ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਸਥਾਨਕ ਚਿਲਡਰਨ ਪਾਰਕ ਵਿਚ ਇਕ ਇਕੱਠ ਕੀਤਾ ਗਿਆ। ਇੱਥੋਂ ਤਿਆਰੀ ਕਰਕੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਨਾਲ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਕ ਰੋਸ ਰੈਲੀ ਕੱਢੀ ਗਈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਤੋਂ ਬਾਅਦ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ। ਮੁਲਾਜ਼ਮਾਂ ਦਾ ਸਾਥ ਦੇਣ ਲਈ ਵੱਡੀ ਗਿਣਤੀ ਨਰੇਗਾ ਮਜ਼ਦੂਰ ਵੀ ਪੁੱਜੇ ਹੋਏ ਸਨ। ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪ੍ਰਸਤ ਵਰਿੰਦਰ ਸਿੰਘ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ ਤੇ ਸਮੇਂ ਦੀਆਂ ਸਰਕਾਰਾਂ ਵਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਇਸਦੇ ਨਾਲ ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 40 ਦਿਨਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ 20 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਦੇ ਢੱਕਵੇਂ ਹੱਲ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੌਜ਼ੂਦਗੀ ਵਿਚ ਇਕ ਪੈਨਲ ਮੀਟਿੰਗ ਕੀਤੀ ਜਾਵੇ ਜੀ ਤਾਂ ਕਿ ਬੁਰੀ ਤਰ੍ਹਾਂ ਨਿਰਾਸ਼ ਤੇ ਹਿਰਾਸ ਹੋ ਚੁੱਕੇ ਨਰੇਗਾ ਮੁਲਾਜ਼ਮ। ਇਸ ਮੌਕੇ ਹੋਰ ਵੀ ਨਰੇਗਾ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਘਰ-ਘਰ ਸੰਪਰਕ ਮੁਹਿੰਮ ਨਾਲ ਅਕਾਲੀ ਦਲ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਫੜੀ ਰਫ਼ਤਾਰ ਅਗਲੀ ਖ਼ਬਰ ਸਾਹਿਤਕਾਰ ਦਲਜੀਤ ਰਾਏ ਕਾਲੀਆ ਕਾਰਜਕਾਰੀ ਸੰਪਾਦਕ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।