ਫ਼ਿਰੋਜਪੁਰ,24 ਜੁਲਾਈ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨੀ ਦਿੱਲੀ ਵਿਖੇ ਜੰਤਰ ਮੰਤਰ ਤੇ ਸੀ.ਜੇ.ਪੀ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਵਲੋਂ ਕੇਂਦਰ ਸਰਕਾਰ ਦੇ ਸਿੱਖਿਆ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਅਸਤੀਫੇ ਦੀ ਮੰਗ ਕੀਤੀ ਗਈ ਸੀ, ਪਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਦਿੱਲੀ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਦੀ ਐੱਸ.ਕੇ.ਐੱਮ (ਗੈਰ ਸਿਆਸੀ) ਭਾਰਤ ਵਲੋਂ ਨਿਖੇਧੀ ਕੀਤੀ ਗਈ ਹੈ। ਆਨਲਾਇਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਮਝੈਲ ਪੰਜਾਬ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ, ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ। ਪਰ ਮੌਜ਼ੂਦਾ ਕੇਂਦਰ ਸਰਕਾਰ ਵਲੋਂ ਲੋਕਤੰਤਰੀ ਹੱਕਾਂ ਨੂੰ ਕੁਚਲਦਿਆਂ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਦੀ ਅਸੀਂ ਨਿੰਦਾ ਕਰਦੇ ਹਾਂ। ਧਾਲੀਵਾਲ ਨੇ ਅੱਗੇ ਕਿਹਾਕਿ ਇਸੇ ਤਰ੍ਹਾਂ 21 ਜੁਲਾਈ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਜਾਇਜ਼ ਮੰਗਾਂ ਸਬੰਧੀ ਦਿੱਲੀ ਜਾ ਰਹੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਹਰਿਆਣਾ ਦੀਆਂ ਸਰਹੱਦਾਂ ’ਤੇ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਕਈ ਥਾਵਾਂ ’ਤੇ ਸਰਹੱਦਾਂ ਨੂੰ ਸੀਲ ਕਰਕੇ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।ਉਨ੍ਹਾਂ ਕਿਹਾ ਗਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਦਬਾਉਣ ਦਾ ਰਾਹ ਨਹੀਂ ਅਪਣਾਉਣਾ ਚਾਹੀਦਾ ਅਤੇ ਸਰਕਾਰ ਤੁਰੰਤ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਅਤੇ ਮੁੱਖ ਮੰਗਾਂ ਨੂੰ ਪ੍ਰਵਾਨ ਕਰੇ।