ਫ਼ਿਰੋਜ਼ਪੁਰ, 27 ਜੁਲਾਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਤੋਂ ਕੱਚਾ ਜ਼ੀਰਾ ਰੋਡ (ਆਸਲ ਫਾਟਕ ਤੱਕ) ਦੀ ਬੇਹੱਦ ਖਸਤਾ ਹਾਲਤ ਨੂੰ ਲੈ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਨਾਂਅ ਮੰਗ ਪੱਤਰ ਸੁਪਰਡੈਂਟ ਰਾਜਵਿੰਦਰ ਕੌਰ ਨੂੰ ਸੌਂਪਿਆ। ਇਸ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ਆਗੂਆਂ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਆਵਾਜਾਈ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਰ ਵੇਲੇ ਕਿਸੇ ਵੱਡੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ।ਆਗੂਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਆਸਲ ਫਾਟਕ ਤੱਕ ਸੜਕ ਦੇ ਕਈ ਹਿੱਸੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਅਤੇ ਥਾਂ-ਥਾਂ ਡੂੰਘੇ ਟੋਏ ਬਣੇ ਹੋਏ ਹਨ। ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਟੋਇਆਂ ਵਿਚ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਸੜਕ ਦੀ ਅਸਲ ਸਥਿਤੀ ਦਾ ਅੰਦਾਜ਼ਾ ਨਹੀਂ ਲੱਗਦਾ। ਜਿਸ ਨਾਲ ਦੁਰਘਟਨਾਵਾਂ ਦੀ ਸੰਭਾਵਨਾ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਰਾਹੀਂ ਰੋਜ਼ਾਨਾ ਕੈਰਲ ਕਾਨਵੈਂਟ ਸਕੂਲ, ਡੀ.ਸੀ.ਐੱਮ.ਆਈ. ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਸ਼ਹਾਲ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਆਸਲ, ਗੁਰੂ ਰਾਮਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ, ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ, ਸਰਕਾਰੀ ਪ੍ਰਾਇਮਰੀ ਸਕੂਲ ਨਾਜੂ ਸ਼ਾਹ ਮਿਸ਼ਰੀ ਸਮੇਤ ਕਈ ਹੋਰ ਵਿਦਿਅਕ ਸੰਸਥਾਵਾਂ ਦੇ ਹਜ਼ਾਰਾਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਆਵਾਜਾਈ ਕਰਦੇ ਹਨ। ਸੜਕ ਦੀ ਮਾੜੀ ਹਾਲਤ ਕਾਰਨ ਸਕੂਲਾਂ ਵਿਚ ਸਮੇਂ ਸਿਰ ਪਹੁੰਚਣ ਵਿਚ ਦਿੱਕਤਾਂ ਆ ਰਹੀਆਂ ਹਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਨਾਲ ਜੁੜੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਨਾ ਕੀਤਾ ਗਿਆ ਤਾਂ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਹਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਵੜਾ , ਪਰਮਜੀਤ ਸਿੰਘ ਪੰਮਾ, ਵਿਨੋਦ ਗੁਪਤਾ, ਮਨਰੀਤ ਸਿੰਘ ਡੀਸੀ ਮਾਡਲ, ਡਾਕਟਰ ਸੁਮਿਤ ਹਾਰਮੋਨੀ ਕਾਲਜ,ਅਵਤਾਰ ਸਿੰਘ ਸ਼ਾਹਦੀਨ ਵਾਲਾ, ਗੁਰਵਿੰਦਰ ਸਿੰਘ ਮਠਾੜੂ, ਤਰਸੇਮ ਲਾਲ, ਤਜਿੰਦਰ ਕੌਰ ਸੋਢੀ, ਗੁਰਕੀਰਤ ਕੌਰ, ਸੁਨੀਤਾ ਰਾਣੀ, ਅੰਜੂ ਖੁੱਲਰ, ਕਾਜਲ ਮਲਹੋਤਰਾ, ਤਨੂ, ਨੀਤੂ ਨਰੂਲਾ, ਵਿਨੀ ਥਿੰਦ, ਰਵਿੰਦਰ ਸਿੰਘ ਲਾਡੀ ਆਸਲ, ਸੰਜੀਵ ਪੁਰੀ ਲੂੰਬੜੀ ਵਾਲਾ, ਗੁਰਬਚਨ ਸਿੰਘ ਭੁੱਲਰ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।