24 ਘੰਟੇ ਬਿਜਲੀ ਸਪਲਾਈ ਦੇ ਵਾਅਦਿਆਂ ਦੇ ਬਾਵਜੂਦ ਗੁਰੂਹਰਸਹਾਏ ਸ਼ਹਿਰ ’ਚ ਲੱਗ ਰਹੇ ਲੰਬੇ ਬਿਜਲੀ ਕੱਟ, ਲੋਕ ਪ੍ਰੇਸ਼ਾਨ
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਗੁਰੂਹਰਸਹਾਏ ਸ਼ਹਿਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 6 ਵਜੇ ਤੋਂ ਹੀ ਬਿਜਲੀ ਸਪਲਾਈ ਬੰਦ ਹੋਣੀ ਸ਼ੁਰੂ ਹੋ ਜਾਂਦੀ ਹੈ ਅਤੇ ਇਸ ਤੋਂ ਬਾਅਦ ਦਿਨ ਭਰ ਵੱਖ-ਵੱਖ ਸਮੇਂ ਇੱਕ ਤੋਂ ਦੋ ਘੰਟਿਆਂ ਤੱਕ ਬਿਜਲੀ ਦੇ ਕੱਟ ਲੱਗਣ ਕਾਰਨ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ।
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਗੁਰੂਹਰਸਹਾਏ ਸ਼ਹਿਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 6 ਵਜੇ ਤੋਂ ਹੀ ਬਿਜਲੀ ਸਪਲਾਈ ਬੰਦ ਹੋਣੀ ਸ਼ੁਰੂ ਹੋ ਜਾਂਦੀ ਹੈ ਅਤੇ ਇਸ ਤੋਂ ਬਾਅਦ ਦਿਨ ਭਰ ਵੱਖ-ਵੱਖ ਸਮੇਂ ਇੱਕ ਤੋਂ ਦੋ ਘੰਟਿਆਂ ਤੱਕ ਬਿਜਲੀ ਦੇ ਕੱਟ ਲੱਗਣ ਕਾਰਨ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਸ਼ਹਿਰ ਵਾਸੀਆਂ ਅਨੁਸਾਰ ਸਵੇਰ ਦਾ ਸਮਾਂ ਹਰ ਘਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਸਮੇਂ ਸਕੂਲ ਜਾਣ ਵਾਲੇ ਬੱਚਿਆਂ ਨੇ ਤਿਆਰ ਹੋਣਾ ਹੁੰਦਾ ਹੈ, ਨਹਾਉਣ ਅਤੇ ਹੋਰ ਜ਼ਰੂਰੀ ਕੰਮਾਂ ਲਈ ਪਾਣੀ ਦੀ ਲੋੜ ਹੁੰਦੀ ਹੈ, ਪਰ ਸਵੇਰੇ ਹੀ ਬਿਜਲੀ ਬੰਦ ਹੋ ਜਾਣ ਕਾਰਨ ਘਰਾਂ ਵਿਚ ਪਾਣੀ ਦੀ ਸਪਲਾਈ ਅਤੇ ਹੋਰ ਕੰਮ ਪ੍ਰਭਾਵਿਤ ਹੋ ਜਾਂਦੇ ਹਨ। ਬਿਜਲੀ ਨਾ ਹੋਣ ਕਾਰਨ ਕਈ ਪਰਿਵਾਰਾਂ ਨੂੰ ਬੱਚਿਆਂ ਨੂੰ ਸਕੂਲ ਭੇਜਣ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਸ਼ਹਿਰ ਦੇ ਦੁਕਾਨਦਾਰਾਂ ਨੇ ਵੀ ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਵੇਰੇ ਦੁਕਾਨਾਂ ਖੋਲ੍ਹਣ ਅਤੇ ਦਿਨ ਦੀ ਸ਼ੁਰੂਆਤ ਕਰਨ ਸਮੇਂ ਬਿਜਲੀ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਉਹ ਸਵੇਰੇ ਬਿਨਾਂ ਨਹਾਤੇ ਹੀ ਦੁਕਾਨਾਂ ’ਤੇ ਪਹੁੰਚਣ ਲਈ ਮਜਬੂਰ ਹੋ ਰਹੇ ਹਨ, ਕਿਉਂਕਿ ਘਰਾਂ ਵਿਚ ਪਾਣੀ ਦੀਆਂ ਮੋਟਰਾਂ ਬਿਜਲੀ ਤੋਂ ਬਿਨਾਂ ਨਹੀਂ ਚੱਲ ਸਕਦੀਆਂ । ਘਰਾਂ ਵਿਚ ਕੰਮ ਕਰਨ ਵਾਲੀਆਂ ਔਰਤਾਂ ਨੇ ਵੀ ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਬੇ-ਲੰਬੇ ਕੱਟ ਲੱਗਣ ਕਾਰਨ ਘਰੇਲੂ ਕੰਮਕਾਜ ਸਮੇਂ ਸਿਰ ਨਿਪਟਾਉਣਾ ਮੁਸ਼ਕਿਲ ਹੋ ਰਿਹਾ ਹੈ। ਸਵੇਰੇ ਬਿਜਲੀ ਬੰਦ ਹੋਣ ਨਾਲ ਪਾਣੀ ਭਰਨ, ਰਸੋਈ ਦੇ ਕੰਮ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਦਿੱਕਤ ਆਉਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਹਾਲੇ ਸਰਦੀ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਈ ਅਤੇ ਪੱਖਿਆਂ ਦੀ ਵਰਤੋਂ ਵੀ ਘੱਟ ਹੋ ਗਈ ਹੈ, ਪਰ ਬਿਜਲੀ ਦੀ ਲੋੜ ਸਿਰਫ਼ ਪੱਖੇ ਚਲਾਉਣ ਤੱਕ ਹੀ ਸੀਮਤ ਨਹੀਂ, ਸਗੋਂ ਘਰਾਂ ਵਿਚ ਪਾਣੀ ਅਤੇ ਹੋਰ ਜ਼ਰੂਰੀ ਕੰਮਾਂ ਲਈ ਬਿਜਲੀ ਬੇਹੱਦ ਲਾਜ਼ਮੀ ਹੈ। ਸ਼ਹਿਰ ਵਾਸੀਆਂ ਨੇ ਸਬੰਧਿਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗੁਰੂ ਹਰ ਸਹਾਏ ਸ਼ਹਿਰ ਵਿਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਵਾਜਬ ਕਾਰਨ ਦੇ ਲੱਗ ਰਹੇ ਲੰਬੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਵਿਘਨ ਬਿਜਲੀ ਸਪਲਾਈ ਦੇ ਕੀਤੇ ਗਏ ਵਾਅਦਿਆਂ ਦੇ ਮੱਦੇਨਜ਼ਰ ਲੋਕਾਂ ਨੂੰ ਘੱਟੋ-ਘੱਟ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਤਾਂ ਬਿਜਲੀ ਮਿਲਣੀ ਚਾਹੀਦੀ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਸਵੇਰ ਤੋਂ ਲੈ ਕੇ ਦਿਨ ਭਰ ਬਿਜਲੀ ਕੱਟਾਂ ਕਾਰਨ ਪਰੇਸ਼ਾਨ ਨਾ ਹੋਣਾ ਪਵੇ।