23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਨਿੱਜੀਕਰਨ ਅਤੇ 'ਜੀ ਰਾਮ ਜੀ' ਕਾਨੂੰਨ ਖ਼ਿਲਾਫ਼ ਮਨਪ੍ਰੀਤ ਦੇ ਘਰ ਮੂਹਰੇ ਧਰਨੇ ਸੰਬੰਧੀ ਮੀਟਿੰਗ

ਅਜੀਤ ਡੈਸਕ 16-02-2026

ਸੰਗਤ ਮੰਡੀ, 15 ਫਰਵਰੀ (ਅੰਮਿ੍ਤਪਾਲ ਸ਼ਰਮਾ)- ਪੰਜਾਬ ਦੀਆਂ ਦਰਜਨਾਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਪੰਜਾਬ ਭਰ 'ਚ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਮੂਹਰੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ | ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਘੁੱਦਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਕੋਟਗੁਰੂ ਤੇ ਘੁੱਦਾ ਦੇ ਸਰਗਰਮ ਮਜ਼ਦੂਰ ਆਗੂਆਂ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ 22 ਫਰਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਘਰ ਮੂਹਰੇ ਧਰਨਾ ਮਨਰੇਗਾ ਦੀ ਥਾਂ ਲਿਆਂਦੇ 'ਜੀ ਰਾਮ ਜੀ' ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਬਹਾਲ ਕਰਨ, ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਲੇਬਰ ਕੋਡ ਅਤੇ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਸਬੰਧੀ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ 'ਆਪ' ਸਰਕਾਰ ਲਗਾਤਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਕੇ ਨੀਤੀਆਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ 'ਤੇ ਜ਼ੁਲਮ ਢਾਹ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ 'ਜੀ ਰਾਮ ਜੀ' ਕਾਨੂੰਨ ਤਹਿਤ ਮਜ਼ਦੂਰਾਂ ਨੂੰ 125 ਦਿਨ ਕੰਮ ਦੇਣ ਦੇ ਫਰੇਬੀ ਐਲਾਨਾਂ ਰਾਹੀਂ ਮਜ਼ਦੂਰਾਂ ਨੂੰ ਮਨਰੇਗਾ 'ਚ ਮਿਲਦਾ ਨਾਂਮਾਤਰ ਰੁਜ਼ਗਾਰ ਵੀ ਖੋਹਣ 'ਤੇ ਉਤਾਰੂ ਹੈ ਅਤੇ ਬਿਜਲੀ ਦੇ ਮੁਕੰਮਲ ਨਿੱਜੀਕਰਨ ਰਾਹੀਂ ਕਿਰਤੀ ਲੋਕਾਂ ਤੋਂ ਬਿਜਲੀ ਖੋਹ ਕੇ ਉਨ੍ਹਾਂ ਦੇ ਘਰਾਂ 'ਚ ਹਨੇਰਾ ਕਰਨ ਦੀ ਸਾਜ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਤੇ ਬਿਜਲੀ ਦੇ ਸਮਾਰਟ ਮੀਟਰ ਲਾਉਣ ਵਰਗੇ ਕਦਮ ਚੁੱਕ ਰਹੀ ਹੈ | ਮੀਟਿੰਗ ਨੂੰ ਮਜ਼ਦੂਰ ਆਗੂ ਰਣਦੀਪ ਸਿੰਘ ਰਾਣਾ, ਹਰਵਿੰਦਰ ਸਿੰਘ, ਨਾਨਕ ਸਿੰਘ ਤੇ ਗੁਰਮੀਤ ਸਿੰਘ ਕੋਟਗੁਰੂ ਨੇ ਵੀ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਚ ਵਿਸ਼ਾਲ ਤੇ ਸਾਂਝੀਆਂ ਜਨਤਕ ਇਕੱਤਰਤਾਵਾਂ ਕੀਤੀਆਂ ਜਾਣਗੀਆਂ ਅਤੇ 22 ਦੇ ਬਾਦਲ ਧਰਨੇ 'ਚ ਪਰਿਵਾਰਾਂ ਸਮੇਤ ਖੇਤ ਮਜ਼ਦੂਰਾਂ ਦੀ ਸ਼ਮੂਲੀਅਤ ਕਰਾਈ ਜਾਵੇਗੀ |

ਪਿਛਲੀ ਖ਼ਬਰ ਮਾਲਵਾ ਪੰਜਾਬੀ ਸਾਹਿਤ ਸਭਾ (ਰਜਿ:) ਰਾਮਪੁਰਾ ਫੂਲ ਦੀ ਮੀਟਿੰਗ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।