ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨ ਦੇ ਮਨੋਰਥ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਚ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਜਦੋਂਕਿ ਅੰਮਿ੍ਤ ਸੰਚਾਰ ਦੌਰਾਨ 200 ਪ੍ਰਾਣੀ ਗੁਰੂ ਦੇ ਲੜ ਲੱਗੇ | ਗੁਰਮਤਿ ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਗਿਆਨੀ ਗੁਰਜੰਟ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਗੁਰਮਤਿ ਫ਼ਲਸਫ਼ੇ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਗੁਰੂ ਲੜ ਲੱਗਣ ਦਾ ਉਪਦੇਸ਼ ਦਿੱਤਾ | ਸਮਾਗਮ ਦੌਰਾਨ ਜਿੱਥੇ ਪ੍ਰਚਾਰਕ ਸਿੰਘਾਂ ਨੇ ਕਥਾ ਵੀਚਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਉੱਥੇ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉੱਧਰ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 200 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਅੰਮਿ੍ਤ ਅਭਿਲਾਖੀਆਂ ਨੂੰ ਵਧਾਈ ਦਿੰਦਿਆਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਉਨ੍ਹਾਂ ਨੂੰ ਸਿੱਖੀ ਰਹਿਤ-ਮਰਿਯਾਦਾ ਵਿਚ ਪਰਪੱਕ ਰਹਿਣ ਦੀ ਪ੍ਰੇਰਨਾ ਕੀਤੀ | ਆਪਣੇ ਸੰਬੋਧਨ ਵਿਚ ਸਿੰਘ ਸਾਹਿਬ ਨੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਮੌਕੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ | ਸਮਾਗਮ 'ਚ ਹੋਰਨਾਂ ਤੋਂ ਇਲਾਵਾ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ, ਗੁਰਦੇਵ ਸਿੰਘ ਸੰਧੂ ਤੇ ਹੋਰ ਮੁਲਾਜ਼ਮ ਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ |