ਬਠਿੰਡਾ, 15 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਨਗਰ ਨਿਗਮ 'ਚ ਤਾਇਨਾਤ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਾਲੀ ਅਤੇ ਸੀਵਰੇਜ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਨਗਰ ਨਿਗਮ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਪਰ ਉਨ੍ਹਾਂ ਦੀਆਂ ਮੰਗਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਮੰਗਾਂ ਸਬੰਧੀ ਨਗਰ ਨਿਗਮ ਦਫ਼ਤਰ ਦੇ ਬਾਹਰ ਪਿਛਲੇ 8 ਦਿਨਾਂ ਤੋਂ ਧਰਨਾ ਲਗਾਇਆ ਗਿਆ ਹੈ | ਪਰ ਕਿਸੇ ਵੀ ਵੱਡੇ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਗਈ, ਜਿਸ ਕਾਰਨ ਉਨ੍ਹਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀਆਂ ਸੜਕਾਂ ਅਤੇ ਮੁੱਖ ਸੜਕਾਂ ਨੂੰ ਜਾਮ ਕਰਨ ਲਈ ਮਜਬੂਰ ਹੋਣਗੇ | ਦੱਸਣਾ ਬਣਦਾ ਹੈ, ਕਿ ਸ਼ਹਿਰ 'ਚ ਸਫ਼ਾਈ ਕਰਮਚਾਰੀ ਅਤੇ ਸੀਵਰੇਜ ਯੂਨੀਅਨ ਵਲੋਂ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਖ਼ਰਾਬ ਹੋ ਚੁੱਕੀ ਹੈ | ਸ਼ਹਿਰ ਦੇ ਬਾਜ਼ਾਰਾਂ, ਚੌਕ ਚੁਰਾਹੇ ਅਤੇ ਮੁਹੱਲਿਆਂ ਵਿਚ ਗੰਦਗੀ ਅਤੇ ਕੂੜੇ ਦੇ ਢੇਰ ਲੱਗੇ ਹੋਏ ਹਨ | ਪਰ ਇਸ ਦੇ ਬਾਵਜੂਦ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਵਲੋਂ ਕੂੜੇ ਦੇ ਲੱਗੇ ਢੇਰ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ |