ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਤਹਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੇਠ ਜ਼ਿਲ੍ਹਾ ਬਠਿੰਡਾ 'ਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ | ਉਨ੍ਹਾਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿਆ ਜਾਵੇਗਾ | ਇਸ ਕਾਰਜ ਲਈ ਜ਼ਿਲ੍ਹੇ ਅੰਦਰ 1192 ਬੀ.ਐਲ.ਓਜ਼, 130 ਸੁਪਰਵਾਈਜ਼ਰ, 6 ਈ.ਆਰ.ਓਜ਼ ਅਤੇ 6 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਰਾਜੇਸ਼ ਧੀਮਾਨ ਨੇ ਦੱਸਿਆ ਕਿ ਹਰੇਕ ਬੀ.ਐਲ.ਓ ਨੂੰ 1200 ਵੋਟਰ ਐਸ.ਆਈ.ਆਰ. ਲਈ ਦਿੱਤੇ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਯੋਗ ਅਪਰਾਧ ਹੈ | ਇਸ ਸਬੰਧੀ ਬੀ.ਐਲ.ਓਜ਼ ਵਲੋਂ ਘਰਾਂ ਵਿਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ.ਐਲ.ਓਜ਼ ਨੂੰ ਸਿਖਲਾਈ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ | ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ |