ਲਹਿਰਾ ਮੁਹੱਬਤ, 18 ਮਈ (ਸੁਖਪਾਲ ਸਿੰਘ ਸੁੱਖੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਦੀ ਦੇਖਰੇਖ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਤੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਸਬ ਸੈਂਟਰ ਲਹਿਰਾ ਮੁਹੱਬਤ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਵੰਤ ਸਿੰਘ ਅਤੇ ਹੈਲਥ ਸੁਪਰਵਾਈਜ਼ਰ ਸਰਬਜੀਤ ਸਿੰਘ ਬਾਹੀਆ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਵਿਭਾਗ ਦੀਆਂ ਗਠਿਤ ਟੀਮਾਂ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਘਰਾਂ-ਦੁਕਾਨਾਂ ਅਤੇ ਸਰਕਾਰੀ-ਪ੍ਰਾਈਵੇਟ ਸਕੂਲਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਦੇ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਜਿਥੇ ਵੀ ਲਾਰਵਾ ਮਿਲਿਆ ਉਸ ਨੂੰ ਨਸ਼ਟ ਕੀਤਾ ਜਾ ਰਿਹਾ ਹੈ | ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜੇ ਪਾਣੀ ਦੇ ਸੋਮੇ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਡੇਂਗੂ ਤੋਂ ਬਚਾਅ ਲਈ ਆਲੇ ਦੁਆਲੇ ਸਫ਼ਾਈ ਦੇ ਨਾਲ-ਨਾਲ ਹਰ ਹਫ਼ਤੇ ਕੂਲਰਾਂ-ਫਰਿਜ਼ਾ ਅਤੇ ਗਮਲਿਆਂ ਵਿਚ ਖੜੇ ਪਾਣੀ ਨੂੰ ਜ਼ਰੂਰ ਸਾਫ਼ ਕਰੋ | ਡੇਂਗੂ ਬੁਖ਼ਾਰ ਦਾ ਟੈੱਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਦੇ ਵਿੱਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਸਿਹਤ ਕਰਮਚਾਰੀ ਜਸਵਿੰਦਰ ਕੌਰ, ਕਰਮਜੀਤ ਸਿੰਘ, ਲਛਮਣ ਸਿੰਘ, ਆਸ਼ਾ ਵਰਕਰ ਸਮੇਤ ਨਗਰ ਵਾਸੀ ਹਾਜ਼ਰ ਸਨ |