ਟੱਲੇਵਾਲ, 18 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆ ਵਲੋਂ ਇਲਾਕੇ ਦੇ ਮੋਹਤਬਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਸਰਬਜੀਤ ਸਿੰਘ ਰੰਗੀਆ ਨੇ ਪਿੰਡਾਂ ਦੇ ਮੋਹਤਬਰਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਜ਼ਮਾਨਤ ਨਾ ਕਰਵਾਉਣ ਦੀ ਕੀਤੀ ਅਪੀਲ ਕੀਤੀ ਅਤੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨਾ ਹੈ | ਇਸੇ ਤਰ੍ਹਾਂ ਪੰਜਾਬ ਪੁਲਿਸ ਵਲੋਂ ਚਲਾਏ ਗਏ ਪ੍ਰੋਜੈਕਟ ਸੰਪਰਕ ਦਾ ਉਦੇਸ਼ ਪੰਜਾਬ ਪੁਲਿਸ ਵਲੋਂ ਲੋਕਾਂ ਨਾਲ ਨੇੜਤਾ ਵਧਾਉਣੀ ਅਤੇ ਉਨ੍ਹਾਂ ਭਾਈਵਾਲਤਾ ਦਾ ਮਾਹੌਲ ਸਿਰਜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ਉੱਤੇ ਹੱਲ ਕਰਨਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਹੋਰ ਯਕੀਨੀ ਬਣਾਉਣ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਆਮ ਲੋਕਾਂ ਨਾਲ ਸੁਚਾਰੂ ਤਾਲਮੇਲ ਨਾਲ ਨਸ਼ਿਆਂ, ਮਾਫ਼ੀਆ ਅਤੇ ਹੋਰ ਮਾਮਲਿਆਂ ਬਾਰੇ ਹਰ ਮੁੱਦੇ ਉੱਤੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ | ਇਸ ਮੌਕੇ ਮੋਹਤਬਰਾਂ ਤੋਂ ਸੁਝਾਅ ਵੀ ਲਏ ਗਏ, ਜਿਨ੍ਹਾਂ ਨੂੰ ਜਲਦ ਅਮਲ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਅਪਰਾਧਾਂ, ਨਸ਼ਿਆਂ ਤੇ ਗੈਰ-ਸਮਾਜਿਕ ਤੱਤਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਨੇ ਕਿਹਾ ਕਿ ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਨੁਮਾਇੰਦਿਆਂ ਵਲੋਂ ਇਸ ਮੀਟਿੰਗ ਦੌਰਾਨ ਆਪਣੇ ਵਿਚਾਰ ਵੀ ਰੱਖੇ ਗਏ |