ਮਹਿਮਾ ਸਰਜਾ, 18 ਮਈ ( ਬਲਦੇਵ ਸਿੰਘ ਸੰਧੂ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਗੰਗਾ ਅਬਲੂ ਨਾਲ ਸੰਬੰਧਿਤ ਜ਼ਮੀਨੀ ਵਿਵਾਦ ਵਿਚ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਨੇਹੀਆਂ ਵਾਲਾ ਵਿਖੇ ਇਕਬਾਲ ਸਿੰਘ ਪੁੱਤਰ ਹਰਨੇਕ ਸਿੰਘ ਗਿੱਦੜਬਾਹਾ ਦੇ ਬਿਆਨਾਂ 'ਤੇ ਸਿਮਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਕੋਟਲੀ-ਅਬਲੂ (ਥਾਣਾ ਕੋਟ ਭਾਈ) ਖ਼ਿਲਾਫ਼ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 141 ਧਾਰਾ 318 (4) ਬੀ.ਐਨ.ਐਸ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿੱਦੜਬਾਹਾ ਨਿਵਾਸੀ ਇਕਬਾਲ ਸਿੰਘ ਪੁੱਤਰ ਹਰਨੇਕ ਸਿੰਘ ਵਲੋਂ ਉੱਚ ਪੁਲਿਸ ਅਧਿਕਾਰੀਆਂ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ | ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਕਿ ਕੋਟਲੀ ਅਬਲੂ ਨਿਵਾਸੀ ਸਿਮਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਨੇ ਪਿੰਡ ਗੰਗਾ ਅਬਲੂ ਸਥਿਤ ਜ਼ਮੀਨ ਦੇ ਬੈ ਸੌਦੇ ਦੌਰਾਨ ਇੱਕ ਕਰੋੜ ਇੱਕ ਲੱਖ ਰੁਪਏ ਦੀ ਕਥਿਤ ਆਰਥਿਕ ਠੱਗੀ ਕੀਤੀ | ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਥਾਣਾ ਨੇਹੀਆਂ ਵਾਲਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਧੋਖਾਧੜੀ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਦੋਂ ਤਫ਼ਤੀਸ਼ੀ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਨੇ ਜਾਂਚ ਜਾਰੀ ਹੋਣ ਦੀ ਪੁਸ਼ਟੀ ਕੀਤੀ, ਪਰ ਮਾਮਲੇ ਸੰਬੰਧੀ ਹੋਰ ਜਾਣਕਾਰੀ ਸਾਂਝੀ ਕਰਨ ਤੋਂ ਕੰਨੀ ਕਤਰਾਈ | ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਜ਼ਮੀਨੀ ਸੌਦਿਆਂ ਦੇ ਨਾਂ 'ਤੇ ਲੋਕਾਂ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ | ਲੋਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕਰਕੇ ਇਸ ਵਿਚ ਗਿਰੋਹ ਵਿਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |