ਬਠਿੰਡਾ, 4 ਜੂਨ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ 'ਚ ਤਾਇਨਾਤ ਪੈਸਕੋ (ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ) ਦੇ ਦੋ ਮੁਲਾਜ਼ਮਾਂ ਨੂੰ ਜੇਲ੍ਹ ਅਮਲੇ ਵਲੋਂ ਚਰਸ (ਗਾਂਜਾ) ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਖ਼ਿਲਾਫ਼ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਕੈਂਟ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਸਿਟੀ-2) ਅਰੁਣ ਮੁੰਡਨ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਅਨੂ ਮਲਿਕ ਨੇ ਦੱਸਿਆ ਕਿ ਜਦੋਂ ਜੇਲ੍ਹ ਅਮਲੇ ਵਲੋਂ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਇਸ ਦੌਰਾਨ ਦੋ ਵਿਅਕਤੀਆਂ ਕੋਲੋਂ 142 ਗ੍ਰਾਮ ਚਰਸ (ਗਾਂਜਾ) ਬਰਾਮਦ ਕੀਤਾ ਗਿਆ, ਜਿਨ੍ਹਾਂ ਦੀ ਪਹਿਚਾਣ ਪ੍ਰਭਦੀਪ ਸਿੰਘ ਵਾਸੀ ਨਰੂਆਣਾ ਰੋਡ ਬਠਿੰਡਾ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਜਿਉਂਦ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਅਨੁਸਾਰ ਇਹ ਦੋਵੇਂ ਵਿਅਕਤੀ ਜੇਲ੍ਹ ਅੰਦਰ ਪੈਸਕੋ ਅਧੀਨ ਸੁਰੱਖਿਆ ਪ੍ਰਬੰਧਾਂ ਵਿਚ ਤਾਇਨਾਤ ਹਨ, ਜਿਨ੍ਹਾਂ ਨੇ ਮੁੱਢਲੀ ਪੁੱਛ-ਗਿੱਛ ਦੌਰਾਨ ਮੰਨਿਆ ਕਿ ਉਹ ਜੇਲ੍ਹ ਅੰਦਰ ਇਕ ਕੈਦੀ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਦਾ ਕੰਮ ਕਰਦੇ ਹਨ | ਡੀ.ਐੱਸ.ਪੀ. ਨੇ ਕਿਹਾ ਕਿ ਸਹਾਇਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਕੈਂਟ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਹੋਰ ਪੁੱਛ-ਗਿੱਛ ਲਈ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਵਿਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |