ਲਹਿਰਾ ਮੁਹੱਬਤ, 11 ਜੂਨ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤਹਿਤ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੇ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਤੀਜੇ ਦਿਨ ਵੀ ਜਾਰੀ ਰੱਖਿਆ | ਇਸ ਸਮੇਂ ਤਾਲਮੇਲ ਕਮੇਟੀ ਆਗੂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਗੁਰਸ਼ਰਨ ਕੋਟੜਾ, ਜਗਤਾਰ ਸੰਧੂ, ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ | ਪਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਪੈਨਲ ਮੀਟਿੰਗ ਵਿਚ ਜੂਨ ਮਹੀਨੇ ਦੇ ਹਫ਼ਤੇ ਅੰਦਰ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ | ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ | ਜਿਸ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਪਲਾਂਟ ਦੇ ਮੁੱਖ ਗੇਟ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਤੀਜੇ ਦਿਨ ਵੀ ਜਾਰੀ ਹੈ | ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ |
ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ <br/>
ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦੇ ਆਗੂ ਜਗਰੂਪ ਸਿੰਘ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ<br/>
12-06-2026