ਮਹਿਰਾਜ, 11 ਜੂਨ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਹਰਿੰਦਰ ਮਹਿਰਾਜ ਨੂੰ ਹਲਕਾ ਭੁੱਚੋ ਦਾ ਅਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ | ਇਸ ਨਿਯੁੱਕਤੀ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਹਰਿੰਦਰ ਮਹਿਰਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਨਿਰੰਤਰ ਕੰਮ ਕਰ ਰਹੇ ਹਨ | ਉਨ੍ਹਾਂ ਨੂੰ ਉਮੀਦ ਹੈ ਕਿ ਹਰਿੰਦਰ ਮਹਿਰਾਜ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕਾ ਭੁੱਚੋ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਧੰਨਵਾਦ ਕਰਦਿਆਂ ਹਰਿੰਦਰ ਮਹਿਰਾਜ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਜਗਸੀਰ ਸਿੰਘ ਕਲਿਆਣ, ਬਲਕਾਰ ਸਿੰਘ ਬਰਾੜ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦੇ ਵਿਸ਼ਵਾਸ ਲਈ ਦਿਲੋਂ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਹਲਕਾ ਭੁੱਚੋ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਹ ਪੂਰੀ ਲਗਨ ਨਾਲ ਕੰਮ ਕਰਨਗੇ | ਪਾਰਟੀ ਵਰਕਰਾਂ ਨੇ ਵੀ ਇਸ ਨਿਯੁੱਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਹਰਿੰਦਰ ਮਹਿਰਾਜ ਦੀ ਨਿਯੁੱਕਤੀ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਵਰਕਰਾਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਭੁੱਚੋ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਵੱਡੇ ਪੱਧਰ 'ਤੇ ਲੋਕਾਂ ਨਾਲ ਜੁੜੇਗਾ ਅਤੇ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ |