ਬਠਿੰਡਾ, 10 ਜੂਨ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਕਲ ਥਰਮਲ-ਦੋ ਦੇ ਪ੍ਰਧਾਨ ਬਾਬੂ ਸਿੰਘ ਰੋਮਾਣਾ ਨੇ ਬੇਰੁਜ਼ਗਾਰ ਲਾਈਨਮੈਨਾਂ ਉੱਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਨੂੰ ਸਰਕਾਰ ਕੁੱਟਣ ਦੀ ਬਜਾਏ ਉਨ੍ਹਾਂ ਨੂੰ ਨੌਕਰੀਆਂ ਦੇਵੇ | ਬੇਰੁਜ਼ਗਾਰ ਨੌਜਵਾਨ ਸਾਲਾਂ ਤੋਂ ਸਰਕਾਰੀ ਭਰਤੀਆਂ ਅਤੇ ਰੁਜ਼ਗਾਰ ਦੇ ਮੌਕਿਆਂ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਦਮਨਕਾਰੀ ਨੀਤੀਆਂ ਆਪਣਾ ਰਹੀ ਹੈ | ਬਾਬੂ ਸਿੰਘ ਰੋਮਾਣਾ ਨੇ ਕਿਹਾ ਕਿ ਕਿਸੇ ਵੀ ਲੋਕਤੰਤਰਿਕ ਦੇਸ਼ ਵਿਚ ਨੌਜਵਾਨਾਂ ਨੂੰ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਦਾ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਵਿਚ ਉਨ੍ਹਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਈ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਰੋਮਾਣਾ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਾਂ ਸਰਕਾਰ ਦੇ ਖਿਲਾਫ਼ ਲੋਕਤੰਤਰੀ ਤਰੀਕੇ ਨਾਲ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਸਮੂਹ ਸਮਾਜਿਕ ਅਤੇ ਜਨਤਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦਾ ਸਾਥ ਦੇਣ |