ਭਗਤਾ ਭਾਈਕਾ, 11 ਜੂਨ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਕਲੀਨ ਪੰਜਾਬ' ਤਹਿਤ ਨਗਰ ਪੰਚਾਇਤ ਭਗਤਾ ਭਾਈ ਵਲੋਂ ਵੀ ਸਫ਼ਾਈ ਅਭਿਆਨ ਨੂੰ ਹੋਰ ਤੇਜ਼ ਕੀਤਾ ਗਿਆ ਹੈ | ਸਥਾਨਕ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ ਸਮੇਤ ਨਗਰ ਪੰਚਾਇਤ ਅਧਿਕਾਰੀਆਂ ਵਲੋਂ ਸ਼ਹਿਰ ਵਿਚਲੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ | ਤਰੁਣ ਕੁਮਾਰ ਕਾਰਜ ਸਾਧਕ ਅਫ਼ਸਰ ਭਗਤਾ ਭਾਈਕਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਬਣਾਉਣਾ, ਕੂੜੇ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਦੱਸਿਆ ਕਿ ਅਭਿਆਨ ਤਹਿਤ ਸੜਕਾਂ, ਬਾਜ਼ਾਰਾਂ, ਪਾਰਕਾਂ ਅਤੇ ਨਾਲਿਆਂ ਦੀ ਸਫ਼ਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਸ਼ਹਿਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਸਰਕਾਰ ਦੇ ਇਸ ਉਪਰਾਲੇ ਵਿਚ ਸਰਗਰਮ ਭੂਮਿਕਾ ਨਿਭਾਉਣ | ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਹੋਰ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ |