ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਵਿਰੁੱਧ ਸੁਣਾਏ ਫ਼ੈਸਲੇ ਤੋਂ ਬਾਅਦ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਦੇ ਖ਼ਿਲਾਫ਼ ਕਾਨੰੂਨੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸੰਬੰਧੀ ਪੈੱ੍ਰਸ ਕਾਨਫ਼ਰੰਸ ਕਰਦਿਆਂ ਭਾਜਪਾ ਦੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਪਰਮਪਾਲ ਕੌਰ ਸਿੱਧੂ ਨੇ ਕਿਹਾ ਕੇ ਸ੍ਰੀ ਅਕਾਲ ਤਖ਼ਤ ਦਾ ਫ਼ੈਸਲਾ ਹਰ ਸਿੱਖ ਪ੍ਰਵਾਨ ਕਰਦਾ ਹੈ, ਜਿਸ ਲਈ ਸਮੁੱਚੀ ਸਿੱਖ ਸੰਗਤ ਇਹ ਫ਼ੈਸਲਾ ਮੰਨਣ ਲਈ ਪਾਬੰਦ ਹੈ | ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ 'ਤੇ ਆਪ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਚੁੱਪ ਸਮਝ ਤੋਂ ਪਰੇ ਹੈ, ਸਗੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਫ਼ੈਸਲੇ ਦੀ ਉਡੀਕ ਕਰਨ ਦੀ ਬਜਾਏ ਮੁੱਖ ਮੰਤਰੀ ਦੀ ਇਹ ਸ਼ਰਮਨਾਕ ਹਰਕਤ ਸਾਹਮਣੇ ਆਉਣ ਸਮੇਂ ਹੀ ਆਮ ਆਦਮੀ ਪਾਰਟੀ ਨੂੰ ਇਖਲਾਕੀ ਤੌਰ 'ਤੇ ਭਗਵੰਤ ਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਸੀ | ਉਨ੍ਹਾਂ 'ਆਪ' ਕੈਬਨਿਟ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਪੰਥ ਦੋਖੀ ਕਰਾਰ ਦਿੱਤੇ ਗਏ ਭਗਵੰਤ ਮਾਨ ਵਿਰੁੱਧ ਤੁਰੰਤ ਬੇਭਰੋਸਗੀ ਮਤਾ ਪਾ ਕੇ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨਾ ਚਾਹੀਦਾ ਹੈ | ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ 'ਤੇ ਤੁਰੰਤ ਬੇਅਦਬੀ ਸੰਬੰਧੀ ਬਣੇ ਨਵੇਂ ਕਾਨੰੂਨ ਅਧੀਨ ਮੁਕੱਦਮਾ ਦਰਜ ਹੋਣਾ ਚਾਹੀਦਾ | ਉਨ੍ਹਾਂ ਨੇ ਇਸ ਮਸਲੇ 'ਤੇ ਆਪ ਵਲੋਂ ਚੁੱਕੇ ਜਾ ਰਹੇ ਸਵਾਲਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਅਕਾਲ ਤਖਤ ਸਾਹਿਬ ਦਾ ਫ਼ੈਸਲਾ ਮੰਨਦੇ ਹੋਏ ਆਪ ਅਤੇ ਭਗਵੰਤ ਮਾਨ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ | ਇਸ ਮੌਕੇ ਭਾਜਪਾ ਐਸ.ਸੀ. ਵਿੰਗ ਪ੍ਰਧਾਨ ਸਵਰਨ ਸਿੰਘ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ੍ਹ, ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਮੌਜੂਦ ਸਨ |