ਕੋਟਫੱਤਾ, 17 ਜੂਨ (ਰਣਜੀਤ ਸਿੰਘ ਬੁੱਟਰ)- ਯੂਥ ਕਾਂਗਰਸੀ ਆਗੂ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰਧਾਨ ਰਹੇ ਜਸਪ੍ਰੀਤ ਸਿੰਘ ਜੱਸਾ ਕੋਟਸ਼ਮੀਰ ਨੂੰ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿਬ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਚਿਬ ਨੇ ਜਸਪ੍ਰੀਤ ਸਿੰਘ ਜੱਸਾ ਨੂੰ ਨਗਰ ਪੰਚਾਇਤ ਕੋਟਸ਼ਮੀਰ ਦੇ ਕੌਂਸਲਰ ਬਣਨ ‘ਤੇ ਵਧਾਈ ਦਿੱਤੀ ਅਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰਨ ਅਤੇ ਲੋਕ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਦੈ ਭਾਨੂੰ ਚਿਬ ਨੇ ਕਿਹਾ ਕਿ ਨੌਜਵਾਨ ਆਗੂਆਂ ਨੂੰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਦੇ ਹੋਏ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ। ਜਸਪ੍ਰੀਤ ਸਿੰਘ ਜੱਸਾ ਨੇ ਉਦੈ ਭਾਨੂੰ ਚਿਬ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੇ ਕੰਮਾਂ ਲਈ ਹਰ ਸਮੇਂ ਹਾਜ਼ਰ ਰਹਿਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕ ਸੇਵਾ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹੋਏ ਉਹ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੀ ਚੋਣ ਲੜ ਚੁੱਕੇ ਗਗਨਦੀਪ ਸਿੰਘ ਜਲਾਲਪੁਰ, ਬਠਿੰਡਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ, ਮਨਪ੍ਰੀਤ ਚੱਡਾ, ਸੰਜੀਵ ਸ਼ਰਮਾ, ਹਰਮਨ ਸਿੰਘ ਸੇਖੋਂ ਅਤੇ ਰਣਜੀਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।