ਬਠਿੰਡਾ, 17 ਜੂਨ (ਸੱਤਪਾਲ ਸਿੰਘ ਸਿਵੀਆਂ)-ਅਸਾਮ ਦੀ ਡਿਬਰੂਗੜ ਜੇਲ੍ਹ ‘ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀ� ਨੂੰ ਲੈ ਕੇ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜ ਕੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਜ਼ਿਲ੍ਹਾ ਉੱਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ, ਇੰਜ਼. ਟੇਕ ਸਿੰਘ, ਗੁਰਦੀਪ ਸਿੰਘ ਸਿੱਧੂ, ਬੀਬੀ ਮਨਦੀਪ ਕੌਰ, ਪਰਮਜੀਤ ਸਿੰਘ ਤੇ ਦਰਸ਼ਨ ਸਿੰਘ ਗੋਨਿਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਬੰਧਿਤ ਕਥਿਤ ਵਿਵਾਦਿਤ ਵੀਡੀ� ਨੇ ਸੰਗਤਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ, ਜਿਸ ਦੇ ਰੋਸ ਵਜੋਂ ਅੱਜ ਪੰਜਾਬ ਭਰ ‘ਚ ਮੁੱਖ ਮੰਤਰੀ ਦੇ ਪੁਤਲੇ ਸਾੜੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦਾ ਸਤਿਕਾਰ ਸਰਵਉੱਚ ਸਥਾਨ ਰੱਖਦਾ ਹੈ, ਜਿਸ ਲਈ ਧਾਰਮਿਕ ਭਾਵਨਾਵਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿਚ ਕੋਈ ਵੀ ਵਿਅਕਤੀ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਹੋਵੇ, ਕਾਨੂੰਨ ਅਤੇ ਜਾਂਚ ਤੋਂ ਉੱਪਰ ਨਹੀਂ ਹੋ ਸਕਦਾ, ਇਸ ਲਈ ਫੋਰੈਂਸਿਕ ਰਿਪੋਰਟਾਂ ਅਤੇ ਉਪਲਬਧ ਤੱਥਾਂ ਦੇ ਆਧਾਰ ‘ਤੇ ਮੁੱਖ ਮੰਤਰੀ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਭਗਵੰਤ ਮਾਨ ਨੂੰ ਨੈਤਿਕ ਆਧਾਰ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਇਸੇ ਤਰ੍ਹਾਂ ਪਿਛਲੀਆਂ ਸਰਕਾਰਾਂ ਸਮੇਂ ਹੋਈਆਂ ਬੇਅਦਬੀਆਂ ਅਤੇ ਹੋਰ ਪੰਥਕ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਵੀ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।