* ਕਿਹਾ, ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਫ਼ੰਡਾਂ ਦੀ ਕਮੀ ਨਹੀਂ *ਮੁੱਖ ਮੰਤਰੀ ਨੇ ਬਠਿੰਡਾ ’ਚ ਸਰਪੰਚਾਂ ਨਾਲ ਕੀਤੀ ਗੱਲਬਾਤ
ਬਠਿੰਡਾ, 23 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ’ਚ ਸਭ ਤੋਂ ਵੱਧ ਵਿਕਸਤ ਹੋ ਕੇ ਉੱਭਰਨੇ ਚਾਹੀਦੇ ਹਨ । ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫ਼ੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ । ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਿਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਰਫ਼ਤਾਰ ਤੇਜ਼ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸਰਪੰਚ ਮਿਲਣੀ ਦੀਆਂ ਕੁਝ ਝਲਕੀਆਂ ਐਕਸ ’ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ‘ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਗਈ। ਸਾਰਿਆਂ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ। ਪੇਂਡੂ ਵਿਕਾਸ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਦਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ । ‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਉਹ ਹੀ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਕਿਹਾ, ‘ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇਕ ਚੰਗਾ ਸਰਪੰਚ ਪਿੰਡ ਦੀ ਨੁਹਾਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾ ਸਕਦਾ ਹੈ। ਅਸਲ ਵਿਚ ਸਰਪੰਚ ਉਹ ਨੀਂਹ ਹਨ, ਜਿਸ ‘ਤੇ ਲੋਕਤੰਤਰ ਦਾ ਥੰਮ੍ਹ ਖੜ੍ਹਾ ਹੈ, ਜਿਸ ਕਾਰਨ ਉਹ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ’ । ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪੱਧਰ ’ਤੇ ਸਮੱਸਿਆਵਾਂ ਨੂੰ ਜਾਣਨ ਲਈ ਇਹ ਲੋਕ ਮਿਲਣੀਆਂ ਵਿਲੱਖਣ ਪਹਿਲਕਦਮੀ ਹਨ । ਉਨ੍ਹਾਂ ਕਿਹਾ ਕਿ ਗਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਵਰਤੋਂ ਸਹੀ ਅਤੇ ਇਮਾਨਦਾਰੀ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਸਰਪੰਚਾਂ ਨੂੰ ਇਹ ਤਾਕਤ ਦਿੱਤੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਦੇ ਲਾਭਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜ਼ਰੀਏ ਵਜੋਂ ਕੰਮ ਕਰਦੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਨੀਤੀਆਂ ਸੂਬਾ ਸਰਕਾਰ ਵਲੋਂ ਬਣਾਈਆਂ ਜਾਂਦੀਆਂ ਹਨ ਅਤੇ ਸਰਪੰਚ ਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਸਾਰੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਿਤ ਕਰਨ ਅਤੇ ਵਿਕਾਸ ਕਾਰਜਾਂ ਤੇ ਸੇਵਾਵਾਂ ਦੀ ਨਿਗਰਾਨੀ ਪੂਰੀ ਤਨਦੇਹੀ ਨਾਲ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਔਰਤਾਂ ਨੂੰ ਫ਼ੈਸਲੇ ਲੈਣ ਦੀ ਭੂਮਿਕਾ ਵਿਚ ਅੱਗੇ ਆਉਣ ਅਤੇ ਸੂਬੇ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦੀ ਅਪੀਲ ਕੀਤੀ।
ਪੰਜਾਬ ਦੇ ਪਿੰਡ ਦੇਸ਼ ’ਚ ਸਭ ਤੋਂ ਵੱਧ ਵਿਕਸਤ ਹੋਣਗੇ- ਮੁੱਖ ਮੰਤਰੀ ਮਾਨ
ਅਜੀਤ ਡੈਸਕ
24-06-2026