ਬਠਿੰਡਾ, 20 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਭਰਤੀ ਵਿਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਰਾਖਵੇਂ ਕੋਟੇ ਅਨੁਸਾਰ ਬਣਦੀ ਨੁਮਾਇੰਦਗੀ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਭਾਈ ਸਦਾ ਨੰਦ ਸੇਵਾ ਸੁਸਾਇਟੀ ਬਠਿੰਡਾ ਵਲੋਂ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਭਾਈ ਸਦਾ ਨੰਦ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਬਚਨ ਸਿੰਘ ਸਿਵੀਆਂ ਅਤੇ ਸਕੱਤਰ ਜਗਸੀਰ ਸਿੰਘ ਸੰਦੋਹਾ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ 1013 ਲੈਕਚਰਾਰਾਂ ਦੀ ਭਰਤੀ ਸਬੰਧੀ ਅਸਾਮੀਆਂ ਕੱਢੀਆਂ ਗਈਆਂ ਹਨ ਪਰ ਇਸ ਵਿਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਸੰਵਿਧਾਨਕ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਬਣਦਾ ਰਾਖਵਾਂ ਹੱਕ ਨਹੀਂ ਦਿੱਤਾ ਗਿਆ ਹੈ, ਜਿਸ ਕਾਰਨ ਇਨ੍ਹਾਂ ਵਰਗਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਉਨ੍ਹਾਂ ਸੂਬਾ ਸਰਕਾਰ ਦੇ ਨਾਂਅ ਪੱਤਰ ਭੇਜਦਿਆਂ ਮੰਗ ਕੀਤੀ ਹੈ ਕਿ ਲੈਕਚਰਾਰਾਂ ਦੀਆਂ ਉਕਤ ਅਸਾਮੀਆਂ ਵਿਚ ਐਸ. ਸੀ. ਅਤੇ ਬੀ. ਸੀ. ਵਰਗ ਦਾ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਰਾਖਵੇਂ ਵਰਗਾਂ ਦੇ ਹੱਕਾਂ ਦੀ ਅਣਦੇਖੀ ਕੀਤੀ ਜਾਂਦੀ ਹੈ ਤਾਂ ਇਸ ਨਾਲ ਉੱਕਤ ਸਮਾਜ ਨਾਲ ਬੇਇਨਸਾਫ਼ੀ ਹੋਵੇਗੀ। ਇਸ ਮੌਕੇ ਲੱਖਾ ਸਿੰਘ ਬੋਹਾ, ਹੇਮ ਸਿੰਘ ਸੇਖੋਂ, ਕਰਮਜੀਤ ਸਿੰਘ ਸਹੋਤਾ, ਸਤਵੀਰ ਸਿੰਘ ਅਤੇ ਭੂਰਾ ਸਿੰਘ ਆਦਿ ਮੌਜੂਦ ਸਨ।
ਲੈਕਚਰਾਰਾਂ ਦੀ ਭਰਤੀ ’ਚ ਐੱਸ.ਸੀ. ਅਤੇ ਬੀ.ਸੀ. ਵਰਗ ਨੂੰ ਬਣਦੀ ਨੁਮਾਇੰਦਗੀ ਦੇਣ ਦੀ ਮੰਗ
ਅਜੀਤ ਡੈਸਕ
21-07-2026