06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਵਿਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਅਜੀਤ ਡੈਸਕ 22-07-2026

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ): ਦਿੱਲੀ ’ਚ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਜਬਰ ਤਸ਼ੱਦਦ ਢਾਉਣ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦੇ ਦਿੱਤੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ ਬਲਾਕ ਮੌੜ ਦੇ ਪਿੰਡ ਮੌੜ ਚੱੜਤ ਸਿੰਘ, ਚਨਾਰਥਲ, ਭਾਈ ਬਖਤੌਰ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ। ਮੌੜ ਬਲਾਕ ਦੇ ਆਗੂ ਅਮ੍ਰਿਤ ਸਿੰਘ ਮੌੜ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜਾਂ ਦੀਆਂ ਵੱਖ-ਵੱਖ ਸਰਕਾਰਾਂ ਵਲੋਂ ਲੋਕਾਂ ਤੇ ਜਬਰ ਢਾਹ ਕੇ ਉਨ੍ਹਾਂ ਦੀ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੀਤੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਦਿੱਲੀ ’ਚ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਪ੍ਰਗਟ ਹੋਇਆ ਜ਼ੋਰਦਾਰ ਰੋਹ ਨੌਜਵਾਨਾਂ ਅੰਦਰ ਜਮਾ ਹੋ ਚੁੱਕੇ ਰੋਸ ਤੇ ਬੇਚੈਨੀ ਦਾ ਸਿੱਧਾ ਇਜ਼ਹਾਰ ਹੈ। ਪ੍ਰੀਖਿਆ ਪ੍ਰਣਾਲੀ ਦੇ ਘੁਟਾਲਿਆਂ ਤੋਂ ਲੈ ਕੇ ਅੰਤਾਂ ਦੀ ਮਹਿੰਗੀ ਸਿੱਖਿਆ ਤੇ ਮਗਰੋਂ ਬੇਰੁਜ਼ਗਾਰੀ ਦੇ ਸੰਤਾਪ ਹੰਢਾਉਂਦੇ ਨੌਜਵਾਨਾਂ ਦੀ ਪੀੜ ਸੁਣਨ ਦੀ ਬਜਾਏ ਮੋਦੀ ਸਰਕਾਰ ਇਸ ਆਵਾਜ਼ ਨੂੰ ਜਬਰ ਨਾਲ ਕੁਚਲਨ ਦਾ ਭਰਮ ਪਾਲ ਰਹੀ ਹੈ। ਵਿਦਿਆਰਥੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਹੈ। ਦਿੱਲੀ ਤੇ ਆਲੇ ਦੁਆਲੇ ਦੇ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ-ਮਾਰਿਆ ਤੇ ਘੜੀਸਿਆ ਗਿਆ ਹੈ। ਮੋਦੀ ਸਰਕਾਰ ਦਾ ਇਹ ਵਿਹਾਰ ਬਰਦਾਸ਼ਤ ਕਰਨ ਯੋਗ ਨਹੀਂ ਹੈ। ਅੱਜ ਦੇ ਇਕੱਠ ਵਿੱਚ ਬੁਲਾਰਿਆਂ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਕੀਤੇ ਜਬਰ ਅਤੇ ਪੰਜਾਬ ਸਰਕਾਰ ਵਲੋਂ ਮਨਰੇਗਾ ਕਰਮਚਾਰੀਆਂ ’ਤੇ ਕੀਤੇ ਜਬਰ ਦੀ ਵੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਐਸ.ਕੇ.ਐਮ ਦੇ ਸੱਦੇ ਤਹਿਤ ਕੱਲ੍ਹ 22 ਜੁਲਾਈ ਨੂੰ ਕੀਤੇ ਜਾ ਰਹੇ ਟੋਲ ਪਲਾਜਿਆਂ ਦੇ ਇਕੱਠਾਂ ਵਿਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਬੈਂਕ ਦੇ ਸਫ਼ਾਈ ਸੇਵਕ ਨੇ ਸਟਰਾਂਗ ਰੂਮ ’ਚੋਂ 4 ਲੱਖ 56 ਹਜ਼ਾਰ 800 ਰੁਪਏ ਉਡਾਏ ਅਗਲੀ ਖ਼ਬਰ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਵੱਖ-ਵੱਖ ਥਾਵਾਂ ਤੋਂ 4 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।