ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਅਤੇ ਉਪ-ਚੇਅਰਪਰਸਨ ਦੀ ਜਿੱਤ ਨੂੰ ਪੂਰਨ ਬਹੁਮਤ ਨਾਲ ਹਾਸਲ ਕਰਨ ਤੋਂ ਬਾਅਦ ਸਮੁੱਚੀ ਟੀਮ ਅਤੇ ਅਕਾਲੀ ਲੀਡਰਸ਼ਿਪ ਵਲੋਂ ਗੁਰੁ ਘਰ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਨਵੇਂ ਬਣੇ ਚੇਅਰਮੈਨ ਸਰਵਨ ਸਿੰਘ ਪੂਹਲੀ ਅਤੇ ਉੋਪ-ਚੇਅਰਪਰਸਨ ਜਸਕਰਨ ਕੌਰ ਬੱਲੂਆਣਾ ਸਮੇਤ ਸਮੁੱਚੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਇਕ ਬੱਸ ਵਿਚ ਸਵਾਰ ਹੋ ਕੇ ਸਥਾਨਕ ਇਤਿਹਾਸਕ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਹ ਜਿੱਤ ਪ੍ਰਮਾਤਮਾ ਦੇ ਓਟ-ਆਸਰੇ ਸਦਕਾ ਅਤੇ ਸਮੁੱਚੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਏਕਤਾ ਸਦਕਾ ਸੰਭਵ ਹੋਈ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਚੁਣੇ ਗਏ ਅਹੁਦੇਦਾਰਾਂ ਅਤੇ ਅਕਾਲੀ ਲੀਡਰਸ਼ਿਪ ਨੂੰ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ ਤੇ ਬਠਿੰਡਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਸਮੇਤ ਵੱਖ-ਵੱਖ ਹਲਕਿਆਂ ਦੇ ਇੰਚਾਰਜ ਮੌਜੂਦ ਸਨ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਜਿੱਤ ਲਈ ਚੇਅਰਮੈਨ ਤੇ ਉਪ-ਚੇਅਰਪਰਸਨ ਸਮੇਤ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਵਧਾਈ ਦਿੱਤੀ।