ਮਾਨਸਾ, 10 ਅਗਸਤ (ਵਿ.ਪ੍ਰਤੀ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਜ਼ਿਲ੍ਹਾ ਮਾਨਸਾ ਇਕਾਈ ਨੇ ਐਲਾਨ ਕੀਤਾ ਹੈ ਕਿ 15 ਅਗਸਤ ਨੂੰ ਰੋਸ ਮਾਰਚ ਕਰ ਕੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਐਸੋਸੀਏਸ਼ਨ ਦੇ ਆਗੂ ਅਸੀਮ ਗੋਇਲ, ਵਿਵੇਕ ਕੁਮਾਰ ਤੇ ਵਿਜੇ ਮੌਂਗਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਅੰਗਹੀਣਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨਾਲ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ, ਜੋ ਲਾਗੂ ਕਰਨ ਤੋਂ ਮੁੱਕਰ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਨੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਵਿਰੁੱਧ ਸਥਾਨਕ ਬਾਲ ਭਵਨ ਤੋਂ ਸ਼ਹੀਦ ਸੇਵਾ ਸਿੰਘ ਠੀਕਰੀ ਵਾਲਾ ਚੌਂਕ ਤੱਕ ਰੋਸ ਮਾਰਚ ਕੀਤਾ ਜਾਵੇਗਾ।