ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਡੀ.ਐੱਸ.ਪੀ. ਫੂਲ ਮਨੋਜ ਕੁਮਾਰ, ਪੀ.ਪੀ.ਐੱਸ. ਦੀ ਯੋਗ ਅਗਵਾਈ ਵਿਚ ਥਾਣਾ ਫੂਲ ਦੀ ਪੁਲਿਸ ਟੀਮ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਗਸ਼ਤ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 17 ਨਵੰਬਰ ਨੂੰ ਪੁਲਿਸ ਪਾਰਟੀ ਢਿਪਾਲੀ ਨਹਿਰ ਪੁਲ ਤੋਂ ਪਿੰਡ ਧਿੰਗੜ੍ਹ ਵੱਲ ਗਸ਼ਤ ਕਰ ਰਹੀ ਸੀ ਤਾਂ ਪਿੰਡ ਰਾਈਆ ਵਾਲੇ ਮੋੜ ਤੋਂ ਅੱਗੇ ਕਰੀਬ 100 ਮੀਟਰ ਦੀ ਦੂਰੀ ‘ਤੇ ਦੋ ਨੌਜਵਾਨ ਮੋਟਰਸਾਈਕਲ ਕੋਲ ਖੜ੍ਹੇ ਸ਼ੱਕੀ ਹਾਲਤ ਵਿਚ ਦਿਖਾਈ ਦਿੱਤੇ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ।ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚੋਂ 100 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਸਪਲੈਂਡਰ ਅਤੇ ਇੱਕ ਰੈੱਡਮੀ ਮੋਬਾਈਲ ਫ਼ੋਨ ਬਰਾਮਦ ਹੋਇਆ।ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਜਤਿੰਦਰ ਸਿੰਘ ਉਰਫ਼ ਗੁਰਪਿਆਰ ਪੁੱਤਰ ਜਗਪਾਲ ਸਿੰਘ ਅਤੇ ਸੁਖਦੀਪ ਸਿੰਘ ਉਰਫ਼ ਦੀਪੂ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਭੈਣੀ, ਥਾਣਾ ਨਥਾਣਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਬੀ/61/85 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਦੋਵਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਰਿਮਾਂਡ ਹਾਸਲ ਕਰਕੇ ਇਨ੍ਹਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।