ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਤੰਗ ਮੁਹੱਲਾ ਵਾਸੀਆਂ ਨੇ ਲਗਾਇਆ ਧਰਨਾ <br/>
ਅਜੀਤ ਡੈਸਕ
05-06-2026
ਬਠਿੰਡਾ, 4 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਪੀਣ ਵਾਲੇ ਪਾਣੀ ਦੀ ਪਿਛਲੇ 4 ਮਹੀਨੇ ਤੋਂ ਚੱਲ ਰਹੀ ਸਮੱਸਿਆ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਨੇ ਮੁਲਤਾਨੀਆ ਪੁਲ ਦੀ ਮੁੱਖ ਸੜਕ ਜਾਮ ਕਰਕੇ ਧਰਨਾ ਲਗਾਇਆ | ਇਸ ਦੌਰਾਨ ਵੱਡੀ ਗਿਣਤੀ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਮੁਹੱਲਾ ਵਾਸੀਆਂ ਅਨੁਸਾਰ ਉਨ੍ਹਾਂ ਦੇ ਘਰਾਂ 'ਚ ਵਾਟਰ ਸਪਲਾਈ ਨਾ ਆਉਣ ਕਾਰਨ ਛੋਟੇ ਬੱਚੇ, ਬਜ਼ੁਰਗ ਵੀ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਇਸ ਮੌਕੇ ਵਾਰਡ ਨੰਬਰ-23 ਤੋਂ ਕੌਂਸਲਰ ਕਿਰਨਾ ਰਾਣੀ ਨੇ ਦੱਸਿਆ ਕਿ ਪਿਛਲੇ 4 ਮਹੀਨੇ ਤੋਂ ਟਿਊਬਵੈੱਲ ਦੀ ਮੋਟਰ ਖ਼ਰਾਬ ਹੋਣ ਕਾਰਨ ਇਲਾਕੇ ਵਿਚ ਪਿਛਲੇ 4 ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਤੱਕ ਕਿ ਲੋਕ ਵਾਰ-ਵਾਰ ਉਨ੍ਹਾਂ ਦੇ ਘਰਾਂ ਵਿਚ ਰੋਜ਼ਾਨਾ ਦੀ ਤਰ੍ਹਾਂ ਚੱਕਰ ਲਗਾ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਨਗਰ ਨਿਗਮ ਦੇ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ, ਪਰ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਣੀ ਵਰਗੀ ਬੁਨਿਆਦੀ ਸਹੂਲਤ ਨਾ ਮਿਲਣ ਕਾਰਨ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਨਿਗਮ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੌਰਾਨ ਸੜਕ ਜਾਮ ਹੋਣ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਮੁਹੱਲਾ ਵਾਸੀਆਂ ਨੇ ਮੰਗ ਕੀਤੀ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਨਿਯਮਿਤ ਅਤੇ ਸੁਚੱਜੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਦੌਰਾਨ ਮੌਕੇ 'ਤੇ ਪਹੁੰਚੇ ਨਿਗਮ ਦੇ ਐਸ.ਡੀ.ਓ. ਵਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਜਲਦ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ |
ਬਠਿੰਡਾ ਦੇ ਮੁਲਤਾਨੀਆ ਪੁਲ ਦੀ ਮੁੱਖ ਸੜਕ ਰੋਕ ਕੇ ਇਲਾਕਾ ਵਾਸੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਲਵਲੀ