ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਲੱਖਾ ਸਿਧਾਣਾ ਦੇ ਪਰਿਵਾਰ ਨਾਲ ਮੁਲਾਕਾਤ
ਭਾਈਰੂਪਾ, 1 ਨਵੰਬਰ (ਵਰਿੰਦਰ ਲੱਕੀ)-ਖਡੂਰ ਸਾਹਿਬ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਵਲੋਂ ਅੱਜ ਸ਼ਾਮ ਨੂੰ ਹਲਕਾ ਮੌੜ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਇੰਚਾਰਜ ਲੱਖਾ ਸਿਧਾਣਾ ਦੇ ਪਰਿਵਾਰ ਨਾਲ ਪਿੰਡ ਸਿਧਾਣਾ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ ਕਿ ਲੱਖਾ ਇਕੱਲਾ ਉਨ੍ਹਾਂ ਦਾ ਹੀ ਨਹੀਂ, ਪੂਰੇ ਪੰਜਾਬ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਹੋਣਹਾਰ ਯੋਧਾ ਹੈ, ਜਿਸ ਦੀ ਰਿਹਾਈ ਲਈ ਪਾਰਟੀ ਅਤੇ ਸਮੂੱਚਾ ਪੰਜਾਬ ਸੂਬਾ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵੇਗਾ।
ਭਾਈਰੂਪਾ, 1 ਨਵੰਬਰ (ਵਰਿੰਦਰ ਲੱਕੀ)-ਖਡੂਰ ਸਾਹਿਬ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਵਲੋਂ ਅੱਜ ਸ਼ਾਮ ਨੂੰ ਹਲਕਾ ਮੌੜ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਇੰਚਾਰਜ ਲੱਖਾ ਸਿਧਾਣਾ ਦੇ ਪਰਿਵਾਰ ਨਾਲ ਪਿੰਡ ਸਿਧਾਣਾ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ ਕਿ ਲੱਖਾ ਇਕੱਲਾ ਉਨ੍ਹਾਂ ਦਾ ਹੀ ਨਹੀਂ, ਪੂਰੇ ਪੰਜਾਬ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਹੋਣਹਾਰ ਯੋਧਾ ਹੈ, ਜਿਸ ਦੀ ਰਿਹਾਈ ਲਈ ਪਾਰਟੀ ਅਤੇ ਸਮੂੱਚਾ ਪੰਜਾਬ ਸੂਬਾ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵੇਗਾ। ਇਸ ਦੌਰਾਨ ਉਨ੍ਹਾਂ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਲੱਖਾ ਸਿਧਾਣਾ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਪੁਲਿਸ ਦੀ ਗੈਰ ਕਾਨੂੰਨੀ ਹਿਰਾਸਤ ਵਿਚ ਹੈ, ਜਿਸ ਦੀ ਆਵਾਜ਼ ਬੰਦ ਕਰਨ ਲਈ ਸਰਕਾਰ ਕਥਿਤ ਤੌਰ ’ਤੇ ਉਸ ਨਾਲ ਕੋਈ ਵੀ ਗੈਰ ਮਨੁੱਖੀ ਵਰਤਾਰਾ ਕਰ ਸਕਦੀ ਹੈ, ਪਰ ਅਜਿਹਾ ਕਦੇ ਹੋਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਸਰਕਾਰ ਨੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਪਰ ਲੋਕ ਨਸ਼ਿਆਂ ਨੂੰ ਬੰਦ ਕਰਵਾਉਣ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਹਲਕਾ ਰਾਮਪੁਰਾ ਦੇ ਇੰਚਾਰਜ ਗਿੱਲ ਰੌਂਤਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੱਖਾ ਸਿਧਾਣਾ ਦਾ ਪਰਿਵਾਰ ਪੂਰੀ ਤਰ੍ਹਾਂ ਚੜ੍ਹਦੀ ਕਲਾ ’ਚ ਹੈ ਤੇ ਪਾਰਟੀ ਪੂਰੀ ਤਰ੍ਹਾਂ ਉਨ੍ਹਾਂ ਨਾਲ ਡਟ ਕੇ ਖੜੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ, ਹਲਕਾ ਫ਼ਰੀਦਕੋਟ ਦੇ ਇੰਚਾਰਜ ਦਲੇਰ ਸਿੰਘ ਡੋਡ, ਗੁਰਦੀਪ ਸਿੰਘ ਸਿੱਧੂ ਆਦਿ ਮੌਜੂਦ ਸਨ।