ਚੋਣਾਂ ਦੌਰਾਨ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਲਾਹੇ ਲਈ ਉਠਾਇਆ ਜਾਂਦਾ ਹੈ- ਗਗਨਦੀਪ ਸਿੰਘ ਬਹਿਣੀਵਾਲ
ਰਾਮਾਂ ਮੰਡੀ, 3 ਨਵੰਬਰ (ਤਰਸੇਮ ਸਿੰਗਲਾ)- ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਜਦੋਂ ਤੱਕ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਰੌਲੇ-ਰੱਪੇ ਵਿਚ ਝੋਟੇ ਦੇ ਇਨਸਾਫ਼ ਦਾ ਮਾਮਲਾ ਪਿੱਛੇ ਰਹਿ ਜਾਵੇਗਾ ਅਤੇ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਵਿਚ ਰੁੱਝ ਜਾਣਗੀਆਂ।
ਰਾਮਾਂ ਮੰਡੀ, 3 ਨਵੰਬਰ (ਤਰਸੇਮ ਸਿੰਗਲਾ)- ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਜਦੋਂ ਤੱਕ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਰੌਲੇ-ਰੱਪੇ ਵਿਚ ਝੋਟੇ ਦੇ ਇਨਸਾਫ਼ ਦਾ ਮਾਮਲਾ ਪਿੱਛੇ ਰਹਿ ਜਾਵੇਗਾ ਅਤੇ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਵਿਚ ਰੁੱਝ ਜਾਣਗੀਆਂ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸਿਆਸੀ ਪਾਰਟੀਆਂ ਇਸ ਮਾਮਲੇ ਨੂੰ ਸਿਰਫ਼ ਚੋਣ ਮੁੱਦੇ ਵਜੋਂ ਵਰਤਣਗੀਆਂ। ਬਹਿਣੀਵਾਲ ਨੇ ਕਿਹਾ ਕਿ ਹਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਜਾਂਦਾ ਹੈ, ਪਰ ਸਰਕਾਰਾਂ ਬਣਨ ਤੋਂ ਬਾਅਦ ਸਿਆਸੀ ਪਾਰਟੀਆਂ ਨਸ਼ਿਆਂ ਦੇ ਖ਼ਾਤਮੇ ਦੀ ਬਜਾਏ ਇਸ ਮੁੱਦੇ ‘ਤੇ ਸਿਰਫ਼ ਘਟੀਆ ਰਾਜਨੀਤੀ ਹੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਅੱਜ ਦੇਸ਼ ਦਾ ਸਭ ਤੋਂ ਗੰਭੀਰ ਕੌਮੀ ਮੁੱਦਾ ਬਣ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਜਿਸ ਥਾਣੇ ਦੇ ਅਧਿਕਾਰ ਖੇਤਰ ਵਿਚ ਨਸ਼ਿਆਂ ਦੀ ਵਿਕਰੀ ਹੁੰਦੀ ਹੈ, ਉਸ ਖੇਤਰ ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਦੇ ਨਾਲ ਨਾਲ ਮਿਸਾਲੀ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਸਬੰਧਿਤ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇ, ਤਾਂ ਜੋ ਨਸ਼ਿਆਂ ਦੀ ਰੋਕਥਾਮ ਸਿਰਫ਼ ਬਿਆਨਾਂ ਅਤੇ ਚੋਣ ਵਾਅਦਿਆਂ ਤੱਕ ਸੀਮਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ‘ਤੇ ਵੀ ਜ਼ਿੰਮੇਵਾਰੀ ਨਿਸ਼ਚਿਤ ਹੋ ਸਕੇ। ਉਨ੍ਹਾਂ ਕਿਹਾ ਕਿ ਲੋਕ ਸਾਰੀਆਂ ਸਿਆਸੀ ਪਾਰਟੀਆਂ ਨੂੰ ਵਾਰੀ-ਵਾਰੀ ਸਰਕਾਰ ਬਣਾਉਣ ਦਾ ਮੌਕਾ ਦੇ ਕੇ ਦੇਖ ਚੁੱਕੇ ਹਨ, ਪਰ ਨਸ਼ਿਆਂ ਦੀ ਸਮੱਸਿਆ ਦਾ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਉਨ੍ਹਾਂ ਦੇ ਵਿਚਾਰ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਲਈ ਮੌਜੂਦਾ ਸਰਕਾਰਾਂ ਦੀ ਕਾਰਗੁਜ਼ਾਰੀ ਕਾਫ਼ੀ ਨਹੀਂ ਰਹੀ।